ਨਵੀਂ ਦਿੱਲੀ, 22 ਫਰਵਰੀ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਵੇਂ ਸੰਮਨ ਜਾਰੀ ਕਰਕੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ 26 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਕੇਂਦਰੀ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਸੱਤਵਾਂ ਸੰਮਨ ਜਾਰੀ ਕਰਦੇ ਹੋਏ ਸ੍ਰੀ ਕੇਜਰੀਵਾਲ ਦੀ ਇਸ ਦਲੀਲ ਨੂੰ ਖਾਰਜ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਹਾਜ਼ਰੀ ਲਈ ਨਵਾਂ ਨੋਟਿਸ ਗਲਤ ਹੈ, ਕਿਉਂਕਿ ਇਹ ਸੰਮਨ ਜਾਰੀ ਕਰਨ ਦਾ ਮਾਮਲਾ ਪਹਿਲਾਂ ਹੀ ਅਦਾਲਤ ’ਚ ਵਿਚਾਰ ਅਧੀਨ ਹੈ। ਕੇਜਰੀਵਾਲ ਨੇ ਸਾਰੇ ਸੰਮਨਾਂ ਨੂੰ “ਗੈਰ-ਕਾਨੂੰਨੀ” ਕਰਾਰ ਦਿੱਤਾ ਹੋਇਆ ਹੈ। ਈਡੀ ਨੇ ਹਾਲ ਹੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ 55 ਸਾਲਾ ਕੌਮੀ ਕਨਵੀਨਰ ਖ਼ਿਲਾਫ਼ ਇਸ ਮਾਮਲੇ ਵਿੱਚ ਸੰਮਨ ਦੀ ਉਲੰਘਣਾ ਕਰਨ ਲਈ ਅਦਾਲਤ ਵਿੱਚ ਤਾਜ਼ਾ ਸ਼ਿਕਾਇਤ ਦਾਇਰ ਕੀਤੀ ਸੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਨੂੰ ਸੂਚੀਬੱਧ ਕਰ ਦਿੱਤੀ।