ਗੁਰਦਾਸਪੁਰ, 2 ਮਾਰਚ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਪਾਕਿਸਤਾਨੀਆਂ ਵਾਂਗ ਸਲੂਕ ਕਰ ਰਹੀ ਹੈ। ਉਨ੍ਹਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਉਸ ਆਜ਼ਾਦੀ ਨੂੰ ਕਾਇਮ ਰੱਖਣ ਵਿੱਚ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਸੰਨ 1967 ਵਿੱਚ ਕਾਂਗਰਸ ਨੇ ਕਿਸਾਨਾਂ ਨੂੰ ਝੋਨੇ ਅਤੇ ਕਣਕ ’ਤੇ ਐੱਮਐੱਸਪੀ ਦਿੱਤੀ ਸੀ। ਹੁਣ ਜਿੱਥੇ ਇੱਕ ਪਾਸੇ ਮੋਦੀ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ਾਂ ਕਰ ਰਹੀ ਹੈ, ਉੱਥੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵਾਅਦਾ ਕੀਤਾ ਹੈ ਕਿ ਜੇਕਰ ਕੇਂਦਰ ’ਚ ਉਨ੍ਹਾਂ ਦੀ ਸਰਕਾਰ ਆਈ ਤਾਂ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਮੁਤਾਬਕ ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇਗਾ। ਰਾਜਾ ਵੜਿੰਗ ਗੁਰਦਾਸਪੁਰ ਦੇ ਪਿੰਡ ਪਾਹੜਾ ਦੇ ਜਥੇਦਾਰ ਕਰਤਾਰ ਸਿੰਘ ਪਾਹੜਾ ਸਟੇਡੀਅਮ ਵਿਖੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਅਤੇ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਕੀਤੀ ਗਈ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬੀ ਨੌਜਵਾਨਾਂ ਦੇ ਵੱਡੀ ਗਿਣਤੀ ’ਚ ਵਿਦੇਸ਼ ਜਾਣ ’ਤੇ ਚਿੰਤਾ ਪ੍ਰਗਟ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਏਹੀ ਸਿਲਸਿਲਾ ਰਿਹਾ ਤਾਂ ਪੰਜਾਬ ਦਾ ਵੱਡਾ ਨੁਕਸਾਨ ਹੋਵੇਗਾ। ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ ਨੇ ਕਿਹਾ ਕਿ ਖੁਦ ਨੂੰ ਪੰਜਾਬ ਦਾ ਸ਼ੁੱਭਚਿੰਤਕ ਕਹਾਉਣ ਵਾਲਾ ਸ਼੍ਰੋਮਣੀ ਅਕਾਲੀ ਦਲ ਹੁਣ ਕਿਸਾਨ ਅੰਦੋਲਨ ਨੂੰ ਲੈ ਕੇ ਪੂਰੀ ਤਰ੍ਹਾਂ ਚੁੱਪ ਹੈ।