5 ਕਿਸਾਨ ਜਥੇਬੰਦੀਆਂ ਵੱਲੋਂ 10 ਥਾਵਾਂ ‘ਤੇ ਰੇਲਾਂ ਰੋਕਣ ਦਾ ਫੈਸਲਾ

ਚੰਡੀਗੜ੍ਹ 9 ਮਾਰਚ -5 ਕਿਸਾਨ ਜਥੇਬੰਦੀਆਂ ਭਾਕਿਯੂ ਏਕਤਾ (ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਦਰਸ਼ਨਪਾਲ), ਭਾਕਿਯੂ ਮਾਲਵਾ (ਹੀਰਕੇ) ਅਤੇ ਭਾਕਿਯੂ ਦੁਆਬਾ (ਸੰਘਾ) ਵੱਲੋਂ ਤਾਲਮੇਲਵੇਂ ਸੰਘਰਸ਼ ਵਜੋਂ 10 ਮਾਰਚ ਨੂੰ ਪੰਜਾਬ ਭਰ ਵਿੱਚ 12 ਤੋਂ 4 ਵਜੇ ਤੱਕ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਕਿਸਾਨ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ: ਦਰਸ਼ਨਪਾਲ, ਮਲੂਕ ਸਿੰਘ ਹੀਰਕੇ ਅਤੇ ਹਰਬੰਸ ਸਿੰਘ ਸੰਘਾ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਬਠਿੰਡਾ ਜੰਕਸ਼ਨ,ਮਾਨਸਾ, ਬਰਨਾਲਾ, ਸੰਗਰੂਰ, ਹੁਸ਼ਿਆਰਪੁਰ,ਵੱਲਾ ਫਾਟਕ (ਅੰਮ੍ਰਿਤਸਰ), ਧਬਲਾਨ (ਪਟਿਆਲਾ), ਅਜੀਤਵਾਲ (ਮੋਗਾ), ਮੰਡੀ ਅਹਿਮਦਗੜ੍ਹ (ਲੁਧਿਆਣਾ) ਅਤੇ ਜਲਾਲਾਬਾਦ (ਫਾਜ਼ਿਲਕਾ) ਆਦਿ 10 ਥਾਂਵਾਂ ‘ਤੇ ਤਾਲਮੇਲਵਾਂ ਰੇਲ-ਜਾਮ ਕੀਤਾ ਜਾਵੇਗਾ। ਇਹ ਅੰਦੋਲਨ ਮੋਦੀ ਭਾਜਪਾ ਸਰਕਾਰ ਦੁਆਰਾ ਕਿਸਾਨਾਂ ਦਾ ਜਨਤਕ ਸੰਘਰਸ਼ ਦਾ ਹੱਕ ਸ਼ੰਭੂ ਤੇ ਖਨੌਰੀ ਵਿਖੇ ਲਾਠੀਆਂ, ਗੋਲੀਆਂ ਤੇ ਗੈਸ-ਬੰਬਾਂ ਦੇ ਜ਼ੋਰ ਕਿਸਾਨਾਂ ਨੂੰ ਜਾਨੋਂ ਮਾਰ ਕੇ ਖੋਹਣ ਵਿਰੁੱਧ ਸਖ਼ਤ ਰੋਸ ਵਜੋਂ ਕੀਤਾ ਜਾ ਰਿਹਾ ਹੈ। ਬਿਆਨ ਅਨੁਸਾਰ ਸਾਰੀਆਂ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਸਮੂਹ ਗਰੀਬਾਂ ਵਾਸਤੇ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਮੋਦੀ ਸਰਕਾਰ ਵੱਲੋਂ ਮੰਨ ਕੇ ਮੁੱਕਰੀਆਂ ਸਮੂਹ ਕਿਸਾਨੀ ਮੰਗਾਂ ਇਸ ਰੋਸ ਐਕਸ਼ਨ ਦੀਆਂ ਮੁੱਖ ਮੰਗਾਂ ਵਿੱਚ ਸ਼ਾਮਲ ਹਨ। ਇਸਤੋਂ ਇਲਾਵਾ ਭਾਰਤ ਨੂੰ ਡਬਲਯੂ ਟੀ ਓ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦੇ ਕਤਲ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, 2020-21 ਦਾ ਜੇਤੂ ਦਿੱਲੀ ਘੋਲ਼ ਅਤੇ ਮੌਜੂਦਾ ਘੋਲ਼ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਵਰਗੀਆਂ ਭਖਦੀਆਂ ਮੰਗਾਂ ਵੀ ਇਨ੍ਹਾਂ ਮੰਗਾਂ ਵਿੱਚ ਸ਼ਾਮਲ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਭਾਜਪਾ ਹਕੂਮਤ ਵੱਲੋਂ ਮੜ੍ਹੀਆਂ ਜਾ ਰਹੀਆਂ ਡਬਲਯੂ ਟੀ ਓ ਦੀਆਂ ਸਾਮਰਾਜੀ ਨੀਤੀਆਂ ਕਿਸਾਨਾਂ ਸਮੇਤ ਸਮੂਹ ਕਿਰਤੀਆਂ, ਮੁਲਾਜ਼ਮਾਂ, ਠੇਕਾ ਕਾਮਿਆਂ ਅਤੇ ਸਨਅਤੀ ਮਜ਼ਦੂਰਾਂ ਦੀ ਲੁੱਟ ਸਿਖਰੀਂ ਚਾੜ੍ਹਨ ਵਾਲੀਆਂ ਸਾਬਤ ਹੋ ਰਹੀਆਂ ਹਨ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਦਾ ਟੀਚਾ ਹਾਸਲ ਕਰਨ ਲਈ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਜੇਤੂ ਦਿੱਲੀ ਘੋਲ਼ ਤੋਂ ਪਹਿਲਾਂ ਦੇ ਅਰਸੇ ਵਾਂਗ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਘੱਟੋ ਘੱਟ ਪ੍ਰੋਗਰਾਮ ‘ਤੇ ਇੱਕਜੁਟਤਾ ਵਾਲ਼ਾ ਅਤੇ ਵਿਸ਼ਾਲ ਲਾਮਬੰਦੀਆਂ ਵਾਲ਼ਾ ਮਹੌਲ ਸਿਰਜਣ ਲਈ ਜਥੇਬੰਦੀਆਂ ਵੱਲੋਂ ਲਗਾਤਾਰ ਯਤਨ ਜੁਟਾਏ ਜਾ ਰਹੇ ਹਨ। 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਵੱਲੋਂ ਕੀਤੀ ਜਾਣ ਵਾਲੀ ਮੁਲਕ ਪੱਧਰੀ ਕਿਸਾਨ-ਮਜ਼ਦੂਰ ਮਹਾਂਪੰਚਾਇਤ ਦੀਆਂ ਜ਼ੋਰਦਾਰ ਤਿਆਰੀਆਂ ਵੀ ਪਿੰਡ ਪਿੰਡ ਮੀਟਿੰਗਾਂ ਰੈਲੀਆਂ ਝੰਡਾ ਮਾਰਚਾਂ ਅਤੇ ਨੁੱਕੜ ਨਾਟਕਾਂ ਰਾਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਕਿਰਤੀਆਂ ਨੂੰ 10 ਅਤੇ 14 ਮਾਰਚ ਦੇ ਇਨ੍ਹਾਂ ਸੰਘਰਸ਼ ਐਕਸ਼ਨਾਂ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *