ਨਵੀਂ ਦਿੱਲੀ, 11 ਮਾਰਚ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਇਥੇ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਜੋਂ ਅੰਤਰ ਧਰਮ ਕੇਂਦਰ ਦੀ ਸਥਾਪਨਾ ਲਈ ਪਹਿਲਾਂ ਮਨਜ਼ੂਰ ਕੀਤੀ 175 ਕਰੋੜ ਰੁਪਏ ਦੀ ਰਾਸ਼ੀ ਤੋਂ ਇਲਾਵਾ ਹੋਰ ਫੰਡ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਸ੍ਰੀ ਚੁੱਘ ਨੇ ਮੰਤਰੀ ਨਾਲ ਮੁਲਾਕਾਤ ਬਾਅਦ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਪੁਰਾਣੀ ਤੇ ਪ੍ਰਸਿੱਧ ਯੂਨੀਵਰਸਿਟੀ ਹੈ। ਸਰਕਾਰ ਨੇ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਲਈ ਇਸ ਯੂਨੀਵਰਸਿਟੀ ਵਿੱਚ ਅੰਤਰ-ਧਰਮ ਕੇਂਦਰ ਸਥਾਪਤ ਕਰਨ ਲਈ 175 ਕਰੋੜ ਰੁਪਏ ਦਾ ਪ੍ਰਾਜੈਕਟ ਦਿੱਤਾ ਸੀ, ਜਿਸ ਵਿੱਚ 33.56 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਸ੍ਰੀ ਚੁੱਘ ਨੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ 141.44 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰਨ ਲਈ ਮੰਗ ਪੱਤਰ ਸੌਂਪਿਆ। ਸਿੱਖਿਆ ਮੰਤਰੀ ਨੇ ਵੀ ਇਸ ਦਾ ਨੋਟਿਸ ਲੈਂਦਿਆਂ ਮੰਤਰਾਲੇ ਨੂੰ ਜਲਦ ਤੋਂ ਜਲਦ ਰਾਸ਼ੀ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸ੍ਰੀ ਚੁੱਘ ਨੇ ਕਿਹਾ ਕਿ ਮੋਦੀ ਸਰਕਾਰ ਸਿੱਖ ਗੁਰੂਆਂ ਦੇ ਗਿਆਨ ਅਤੇ ਸਿੱਖਿਆਵਾਂ ਨੂੰ ਦੇਸ਼ ਅਤੇ ਦੁਨੀਆ ਵਿਚ ਫੈਲਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਮੋਦੀ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਹਿੱਸੇ ਵਜੋਂ ਅੰਤਰ-ਧਰਮ ਕੇਂਦਰ ਸਥਾਪਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ।