ਨਵੀਂ ਦਿੱਲੀ, 11 ਮਾਰਚ
ਵਿਵਾਦਗ੍ਰਸਤ ਨਾਗਰਿਕਤਾ (ਸੋਧ) ਐਕਟ (ਸੀਏਏ)-2019 ਨੂੰ ਲਾਗੂ ਕਰਨ ਲਈ ਨਿਯਮ ਅੱਜ ਨੋਟੀਫਾਈ ਕੀਤੇ ਜਾ ਸਕਦੇ ਹਨ। ਸੀਏਏ ਦਾ ਮਕਸਦ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਤੋਂ ਬਗੈਰ-ਦਸਤਾਵੇਜ਼ ਗੈਰ-ਮੁਸਲਿਮ ਪਰਵਾਸੀਆਂ ਨੂੰ ਨਾਗਰਿਕਤਾ ਦੇਣਾ ਹੈ। ਇੱਕ ਵਾਰ ਸੀਏਏ ਨਿਯਮ ਜਾਰੀ ਹੋਣ ਤੋਂ ਬਾਅਦ ਮੋਦੀ ਸਰਕਾਰ 31 ਦਸੰਬਰ 2014 ਤੱਕ ਭਾਰਤ ਆਏ ਗਏ ਗੈਰ-ਮੁਸਲਿਮ ਪਰਵਾਸੀਆਂ (ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ) ਨੂੰ ਭਾਰਤੀ ਨਾਗਰਿਕਤਾ ਦੇਣਾ ਸ਼ੁਰੂ ਕਰ ਦੇਵੇਗੀ। ਸੀਏਏ ਦਸੰਬਰ 2019 ਵਿੱਚ ਪਾਸ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਗਈ ਸੀ ਪਰ ਦੇਸ਼ ਦੇ ਕਈ ਹਿੱਸਿਆਂ ਵਿੱਚ ਇਸਦੇ ਵਿਰੁੱਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ। ਇਹ ਕਾਨੂੰਨ ਹਾਲੇ ਲਾਗੂ ਨਹੀਂ ਹੋਇਆ ਹੈ ਕਿਉਂਕਿ ਇਸ ਦੇ ਲਾਗੂ ਕਰਨ ਦੇ ਨਿਯਮ ਨੋਟੀਫਾਈ ਕੀਤੇ ਜਾਣੇ ਹਨ।