ਚੰਡੀਗੜ੍ਹ, 12 ਮਾਰਚ
ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਏਲਾਂਤੇ ਮਾਲ ਵਿੱਚੋਂ 11 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਇਕ ਔਰਤ ਸਣੇ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਤੋਂ ਪੁਲੀਸ ਨੇ 5.33 ਲੱਖ ਰੁਪਏ ਨਕਦ ਅਤੇ ਇਕ ਕਾਰ ਬਰਾਮਦ ਕਰ ਲਈ ਹੈ। ਮੁਲਜ਼ਮਾਂ ਵਿੱਚ ਰਾਹੁਲ ਵਾਸੀ ਕਜਹੇੜੀ ਚੰਡੀਗੜ੍ਹ ਅਤੇ ਰੁਪਿੰਦਰ ਸਿੰਘ ਵਾਸੀ ਮੁਹਾਲੀ ਦੇ ਨਾਮ ਸ਼ਾਮਲ ਹਨ। ਪੁਲੀਸ ਨੇ ਇਹ ਕਾਰਵਾਈ ਸੁਖਬੀਰ ਸਿੰਘ ਵਾਸੀ ਮਨੀਮਾਜਰਾ ਦੀ ਸ਼ਿਕਾਇਤ ’ਤੇ ਕੀਤੀ ਹੈ। ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ਜਾਂਚ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਤੋਂ ਲੁੱਟ ਦੇ 5.33 ਲੱਖ ਰੁਪਏ ਅਤੇ ਇਕ ਕਾਰ ਬਰਾਮਦ ਕੀਤੀ ਹੈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਔਰਤ ਉਕਤ ਮਾਮਲੇ ਦੀ ਮਾਸਟਰਮਾਈਂਡ ਸੀ, ਜਿਸ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਇਕ ਹਫ਼ਤੇ ਤੋਂ ਰੇਕੀ ਕੀਤੀ ਜਾ ਰਹੀ ਸੀ। ਉਸ ਦੇ ਆਧਾਰ ’ਤੇ ਹੀ ਤਿੰਨਾਂ ਨੇ ਇਕ ਸਾਜ਼ਿਸ਼ ਤਹਿਤ ਲੰਘੇ ਦਿਨ ਵਾਰਦਾਤ ਨੂੰ ਅੰਜਾਮ ਦਿੱਤਾ। ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।