ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੋਤਾ ਚੀਮਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਮੂਹ ਗੁਰਦੁਆਰਾ ਪ੍ਰਬੰਧਕਾਂ, ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਨੂੰ ਆਦੇਸ਼ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਨੂੰ ਕਾਇਮ ਰੱਖਣ ਲਈ ਪੁਖਤਾ ਪ੍ਰਬੰਧ ਕਰਦਿਆਂ ਹਰੇਕ ਗੁਰਦੁਆਰਾ ਸਾਹਿਬ ਵਿਖੇ 24 ਘੰਟੇ ਪਹਿਰੇਦਾਰੀ ਨੂੰ ਯਕੀਨੀ ਬਣਾਇਆ ਜਾਵੇ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਅੱਜ ਜਾਰੀ ਲਿਖਤੀ ਬਿਆਨ ‘ਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਕੱਲ੍ਹ ਹੁਸ਼ਿਆਰਪੁਰ ਦੇ ਪਿੰਡ ਪੋਤਾ ਚੀਮਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ-ਜੋਤਿ ਇਸ਼ਟ ਹਨ। ਜਦੋਂ ਕਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਵਾਪਰਦੀ ਹੈ ਤਾਂ ਸਮੁੱਚੇ ਸੰਸਾਰ ਵਿਚ ਵੱਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਅਸਹਿਣਯੋਗ ਠੇਸ ਪੁੱਜਦੀ ਹੈ। ਉਨ੍ਹਾਂ ਆਖਿਆ ਕਿ ਸਰਕਾਰਾਂ ਦੀ ਢਿੱਲੀ ਕਾਨੂੰਨ ਅਤੇ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਦੇ ਨਿੰਦਣਯੋਗ ਵਰਤਾਰੇ ਨੂੰ ਠੱਲ੍ਹ ਨਹੀਂ ਪੈ ਰਹੀ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜਦੋਂ ਵਾਰ-ਵਾਰ ਗੁਰੂ-ਘਰਾਂ ਵਿਚ ਬੇਅਦਬੀਆਂ ਹੋ ਰਹੀਆਂ ਹੋਣ ਤਾਂ ਸਿਰਫ਼ ਸਰਕਾਰਾਂ ਕੋਲੋਂ ਹੀ ਇਨਸਾਫ ਦੀ ਟੇਕ ਰੱਖਣ ਦੀ ਬਜਾਇ ਸਿੱਖ ਸੰਗਤਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣ ਦੀ ਲੋੜ ਹੈ। ਉਨ੍ਹਾਂ ਸਖ਼ਤ ਲਹਿਜ਼ੇ ਵਿਚ ਆਖਿਆ ਕਿ ਭਵਿੱਖ ਵਿਚ ਕਿਸੇ ਵੀ ਬੇਅਦਬੀ ਦੀ ਘਟਨਾ ਲਈ ਸਬੰਧਿਤ ਗੁਰਦੁਆਰਾ ਪ੍ਰਬੰਧਕਾਂ ਤੇ ਗ੍ਰੰਥੀ ਸਿੰਘਾਂ ਖ਼ਿਲ਼ਾਫ਼ ਵੀ ਧਾਰਮਿਕ ਤੇ ਕਾਨੂੰਨੀ ਕਾਰਵਾਈ ਹੋਵੇਗੀ।