ਚੰਡੀਗੜ੍ਹ, 23 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜੇਲ੍ਹ ਵਿੱਚ ਨਿਯਮਤ ਸਿਹਤ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਹੁਕਮਾਂ ਲਈ ਅਦਾਲਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਾਜ਼ਿਸ਼ ਤਹਿਤ ਜਾਣਬੁੱਝ ਕੇ ਇੰਸੁਲਿਨ ਨਹੀਂ ਦਿੱਤੀ ਜਾ ਰਹੀ ਸੀ।
ਮੰਗਲਵਾਰ ਨੂੰ ਪਾਰਟੀ ਹੈੱਡਕੁਆਟਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਅਸੀਂ ਅਦਾਲਤ ਦੇ ਸ਼ੁਕਰਗੁਜ਼ਾਰ ਹਾਂ ਕਿ ਅਦਾਲਤ ਦੇ ਹੁਕਮਾਂ ਸਦਕਾ ਅੱਜ ਅਰਵਿੰਦ ਕੇਜਰੀਵਾਲ ਨੂੰ ਇੰਸੁਲਿਨ ਦਿੱਤਾ ਗਿਆ।
ਨੀਲ ਗਰਗ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਬਣੀ ਹੈ, ਦੇਸ਼ ਨੂੰ ਲਗਾਤਾਰ ਲੋਕਤੰਤਰ ਤੋਂ ਤਾਨਾਸ਼ਾਹੀ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿਚ ਇਕੱਲੀ ਪਾਰਟੀ ਪ੍ਰਣਾਲੀ ਲਾਗੂ ਕਰਨਾ ਚਾਹੁੰਦੀ ਹੈ। ਉਹ ਚਾਹੁੰਦੀ ਹੈ ਕਿ ਦੇਸ਼ ਵਿੱਚ ਕੋਈ ਵਿਰੋਧੀ ਪਾਰਟੀ ਨਾ ਹੋਵੇ। ਇਸੇ ਲਈ ਵਿਰੋਧੀ ਪਾਰਟੀਆਂ ਅਤੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਬਿਨਾਂ ਕਿਸੇ ਸਬੂਤ ਦੇ ਗ੍ਰਿਫ਼ਤਾਰ ਕਰ ਲਿਆ ਗਿਆ ਤਾਂ ਜੋ ਉਹ ਲੋਕ ਸਭਾ ਚੋਣਾਂ ‘ਚ ਪ੍ਰਚਾਰ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਸਿਰਫ਼਼ ਇਸ ਲਈ ਜੇਲ੍ਹ ਵਿੱਚ ਡੱਕਿਆ ਗਿਆ ਹੈ, ਕਿਉਂਕਿ ਉਨ੍ਹਾਂ ਨੇ ਭਾਰਤ ਦੀ ਰਾਜਨੀਤੀ ਵਿੱਚ ਨਵੀਂ ਸੋਚ ਪੈਦਾ ਕੀਤੀ ਹੈ। ਉਹ ਸਿੱਖਿਆ ਅਤੇ ਸਿਹਤ ਦੀ ਗੱਲ ਕਰਦੇ ਸੀ। ਉਹ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਕਰਦੇ ਸੀ। ਉਹ ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਦੇਣ ਦੀ ਗੱਲ ਕਰਦੇ ਸੀ।
ਉਨ੍ਹਾਂ ਨੇ ਜਾਣਬੁੱਝ ਕੇ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਡੱਕਿਆ ਹੈ। ਜਦੋਂ ਕਿ ਸਤੇਂਦਰ ਜੈਨ ਨੇ ਦਿੱਲੀ ਵਿੱਚ ਸਿਹਤ ਕ੍ਰਾਂਤੀ ਲਿਆਂਦੀ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ। ਸਿੱਖਿਆ ਦੇ ਖੇਤਰ ਵਿੱਚ ਮਨੀਸ਼ ਸਿਸੋਦੀਆ ਦੇ ਕੰਮ ਦੀ ਅਮਰੀਕਾ ਵਿੱਚ ਵੀ ਚਰਚਾ ਹੈ। ਭਾਜਪਾ ਤੋਂ ਇਹ ਬਰਦਾਸ਼ਤ ਨਹੀਂ ਹੋਇਆ, ਇਸ ਲਈ ਉਨ੍ਹਾਂ ਨੂੰ ਬਿਨਾਂ ਕਿਸੇ ਕਸੂਰ ਦੇ ਪਿਛਲੇ ਡੇਢ ਸਾਲ ਤੋਂ ਜੇਲ੍ਹ ਵਿੱਚ ਰੱਖਿਆ ਹੋਇਆ ਹੈ।