ਚੰਡੀਗੜ੍ਹ, 24 ਅਗਸਤ (ਦਲਜੀਤ ਸਿੰਘ)- ਪੰਜਾਬ ਹਰਿਆਣਾ ਹਾਈਕੋਰਟ ਨੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਕੇਸ ਵਿੱਚ ਬਾਬਾ ਗੁਰਮੀਤ ਰਾਮ ਰਹੀਮ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਪੰਚਕੂਲਾ ਦੀ ਸੀਬੀਆਈ ਅਦਾਲਤ ਨੇ 26 ਅਗਸਤ ਨੂੰ ਫ਼ੈਸਲਾ ਸੁਣਾਉਣਾ ਸੀ, ਪਰ ਮਰਹੂਮ ਰਣਜੀਤ ਸਿੰਘ ਦੇ ਪੁੱਤਰ ਜਗਸੀਰ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਨੂੰ ਪੰਜਾਬ ਜਾਂ ਹਰਿਆਣਾ ਦੀ ਕਿਸੇ ਹੋਰ ਸੀਬੀਆਈ ਅਦਾਲਤ ਵਿੱਚ ਤਬਦੀਲ ਕਰਨ ਦੀ ਬੇਨਤੀ ਕੀਤੀ। ਹਾਈਕੋਰਟ ਨੇ ਜਗਸੀਰ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਚਕੂਲਾ ਸੀਬੀਆਈ ਕੋਰਟ ਨੂੰ 27 ਅਗਸਤ ਤੱਕ ਇਸ ਮਾਮਲੇ ਦਾ ਫੈਸਲਾ ਨਾ ਸੁਣਾਉਣ ਦੇ ਆਦੇਸ਼ ਦਿੱਤੇ ਹਨ। ਦੱਸ ਦਈਏ ਕਿ 2002 ਵਿੱਚ ਕੁਰੂਕਸ਼ੇਤਰ ਦੇ ਰਹਿਣ ਵਾਲੇ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬਾਬਾ ਰਾਮ ਰਹੀਮ ‘ਤੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ, ਜਦਕਿ ਕਈ ਡੇਰਾ ਪ੍ਰੇਮੀ ਵੀ ਇਸ ਮਾਮਲੇ ‘ਚ ਦੋਸ਼ੀ ਹਨ।
ਸੀਬੀਆਈ ਨੇ ਮਾਮਲੇ ਦੀ ਜਾਂਚ ਕੀਤੀ ਹੈ ਅਤੇ ਰਾਮ ਰਹੀਮ ਨੂੰ ਚਾਰਜਸ਼ੀਟ ਕੀਤਾ ਹੈ। ਰਾਮ ਰਹੀਮ ਸਾਧਵੀਆਂ ਦੇ ਸ਼ੋਸ਼ਣ ਅਤੇ ਸਿਰਸਾ ਦੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਪਟੀਸ਼ਨਕਰਤਾ ਦੇ ਅਨੁਸਾਰ, ਉਸਨੂੰ ਖਦਸ਼ਾ ਹੈ ਕਿ ਸੀਬੀਆਈ ਜੱਜ ਕਿਸੇ ਹੋਰ ਸੀਬੀਆਈ ਦੇ ਸਰਕਾਰੀ ਵਕੀਲ ਦੇ ਮਾਮਲੇ ਨੂੰ ਪ੍ਰਭਾਵਿਤ ਕਰ ਰਹੇ ਹਨ। ਇਹ ਵਕੀਲ ਇਸ ਮਾਮਲੇ ਵਿੱਚ ਸੀਬੀਆਈ ਦਾ ਵਕੀਲ ਨਹੀਂ ਹੈ। ਉਹ ਹੋਰ ਮਾਮਲਿਆਂ ਵਿੱਚ ਸੀਬੀਆਈ ਦੀ ਪ੍ਰਤੀਨਿਧਤਾ ਕਰਦਾ ਹੈ, ਫਿਰ ਵੀ ਉਹ ਇਸ ਮਾਮਲੇ ਵਿੱਚ ਬੇਲੋੜੀ ਦਿਲਚਸਪੀ ਲੈਂਦਾ ਹੈ ਅਤੇ ਜੱਜ ਨੂੰ ਪ੍ਰਭਾਵਿਤ ਕਰ ਸਕਦਾ ਹੈ।