ਚੰਡੀਗੜ੍ਹ : ਪੰਜਾਬ ਅਤੇ ਜੰਮੂ ਕਸ਼ਮੀਰ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਵੱਡੇ ਗਿਰੋਹ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਇਸ ਨੂੰ ਵੱਡੀ ਕਾਮਯਾਬੀ ਮੰਨ ਰਹੀ ਹੈ। ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਗੈਂਗ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਤੰਬਰ 2023 ‘ਚ ਇਹ ਗਿਰੋਹ ਤਰਨਤਾਰਨ ਦੇ ਪਿੰਡ ਢੋਟੀਆਂ ‘ਚ ਇਕ ਬੈਂਕ ਨੂੰ ਲੁੱਟਣ ‘ਚ ਅਸਫ਼ਲ ਯਤਨ ‘ਚ ਸ਼ਾਮਲ ਸੀ, ਜਿਸ ਵਿਚ ਮੁਲਜ਼ਮਾਂ ਵੱਲੋਂ ਕੀਤੀ ਗਈ ਗੋਲ਼ੀਬਾਰੀ ‘ਚ ਇਕ ਪੁਲਿਸ ਅਧਿਕਾਰੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਸੀ। ਇਸੇ ਤਰ੍ਹਾਂ ਪਿਛਲੇ ਹਫਤੇ 16 ਅਪ੍ਰੈਲ 2024 ਨੂੰ ਰਾਜੂ ਸ਼ੂਟਰ ਦੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਤਰਨਤਾਰਨ ਤੋਂ ਭਜਾਉਣ ਦੀ ਸਾਜ਼ਿਸ਼ ਘੜੀ ਸੀ, ਜਿੱਥੇ ਉਸ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਤਲ ਦੀ ਕੋਸ਼ਿਸ਼, ਡਕੈਤੀ, ਨਸ਼ਾ ਤਸਕਰੀ ਵਰਗੀਆਂ ਸੰਗਠਿਤ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਸਨ। ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦੇ ਬਾਕੀ ਮੈਂਬਰਾਂ ਦੀ ਭਾਲ ਕੀਤੀ ਜਾ ਰਹੀ ਹੈ।