ਚੰਡੀਗੜ੍ਹ, 24 ਅਗਸਤ (ਦਲਜੀਤ ਸਿੰਘ)- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਲਗਾਤਾਰ ਟਾਲੀਆ ਜਾ ਰਹੀਆਂ ਸੈਨੇਟ ਚੋਣਾਂ ਨੂੰ ਤੁਰੰਤ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਲਾਏ ਧਰਨੇ ਦਾ ਆਮ ਆਦਮੀ ਪਾਰਟੀ ਪੰਜਾਬ ਨੇ ਜ਼ੋਰਦਾਰ ਸਮਰਥਨ ਕੀਤਾ ਹੈ। ਇਸ ਧਰਨੇ ਨੂੰ ਹਿਮਾਇਤ ਦੇਣ ਲਈ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਵਿਧਾਇਕਾਂ ਤੇ ਆਗੂਆਂ ਨੇ ਮੰਗਲਵਾਰ ਨੂੰ ਉਪ-ਕੁਲਪਤੀ (ਵੀ.ਸੀ) ਦਫ਼ਤਰ ਅੱਗੇ ਲੱਗੇ ਵਿਦਿਅਰਥੀਆਂ ਦੇ ਧਰਨੇ ‘ਚ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ|
ਇਸ ਮੌਕੇ ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਕਿ ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਯੂਨੀਵਰਸਿਟੀ ਦੇ ਵਿਦਿਆਰਥੀ ਆਗੂਆਂ, ਟੀਚਿੰਗ ਸਟਾਫ਼ ਦੇ ਆਗੂਆਂ ਅਤੇ ਨਾਨ-ਟੀਚਿੰਗ ਸਟਾਫ਼ ਦੇ ਆਗੂਆਂ ਦੇ ਵਫ਼ਦ ਨੂੰ ਨਾਲ ਲੈ ਕੇ ਦੇਸ਼ ਦੇ ਉਪ-ਰਾਸ਼ਟਰਪਤੀ ਅਤੇ ਪੀ.ਯੂ ਦੇ ਕੁਲਪਤੀ ਵੈਂਕਈਆ ਨਾਇਡੂ ਨੂੰ ਮਿਲਣਗੇ। ਇਸ ਸਬੰਧੀ ਉਪ-ਰਾਸ਼ਟਰਪਤੀ ਤੋਂ ਸਮਾਂ ਲੈ ਲਿਆ ਗਿਆ ਹੈ। ਉਨ੍ਹਾਂ ਹੋਰਨਾਂ ਪਾਰਟੀ ਆਗੂਆਂ ਨੂੰ ਇਸ ਮੁੱਦੇ ‘ਤੇ ਇੱਕਜੁਟ ਹੋ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਦਬਾਅ ਪਾਉਣ ਦੀ ਅਪੀਲ ਕੀਤੀ।