ਮਾਮਲਾ ਪੰਜੇ ਦਾ: ਅਕਾਲ ਤਖ਼ਤ ਦੇ ਜਥੇਦਾਰ ਨੇ ਅੰਮ੍ਰਿਤਾ ਵੜਿੰਗ ਨੂੰ ਤਾੜਨਾ ਕੀਤੀ ਤੇ ਪਛਚਾਤਾਪ ਕਰਨ ਲਈ ਕਿਹਾ

ਅੰਮ੍ਰਿਤਸਰ, 30 ਅਪਰੈਲ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨੂੰ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਸਖ਼ਤ ਤਾੜਨਾ ਕੀਤੀ ਹੈ ਅਤੇ ਇਸ ਗਲਤੀ ਦਾ ਤੁਰੰਤ ਪਛਚਾਤਾਪ ਕਰਨ ਲਈ ਆਖਿਆ। ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਅੰਮ੍ਰਿਤਾ ਵੜਿੰਗ ਵੱਲੋਂ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਸਾਹਿਬ ਦੇ ਪੰਜੇ ਨਾਲ ਕੀਤੀ ਜਾ ਰਹੀ ਹੈ। ਇਸ ਵੀਡੀਓ ਕਾਰਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਅਕਾਲ ਤਖ਼ਤ ਨੂੰ ਸ਼ਿਕਾਇਤ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਅੰਮ੍ਰਿਤਾ ਵੜਿੰਗ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਸਿਆਸੀ ਆਗੂਆਂ ਵਲੋਂ ਰਾਜਨੀਤਕ ਹਿੱਤਾਂ ਲਈ ਗੁਰੂ ਸਾਹਿਬਾਨ ਦੇ ਨਾਵਾਂ ਅਤੇ ਧਾਰਮਿਕ ਚਿੰਨ੍ਹਾਂ ਦੀ ਵਰਤੋਂ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਅਕਾਲ ਤਖ਼ਤ ਵਿਖੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਆਪਣੀ ਪਾਰਟੀ ਦੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਨੂੰ ਗੁਰੂ ਨਾਨਕ ਦੇਵ ਜੀ ਦਾ ਪੰਜਾ ਆਖ ਕੇ ਵੋਟਾਂ ਦੀ ਮੰਗ ਕੀਤੀ ਗਈ ਹੈ, ਜਿਸ ਦੇ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ। ਸਿੱਖ ਇਹ ਕਦੇ ਵੀ ਨਹੀਂ ਭੁੱਲ ਸਕਦੇ ਕਿ ਪੰਜਾ ਉਸ ਕਾਂਗਰਸ ਪਾਰਟੀ ਦਾ ਚੋਣ ਨਿਸ਼ਾਨ ਹੈ ਜਿਸ ਨੇ ਅਬਦਾਲੀਆਂ ਤੋਂ ਬਾਅਦ ਸਿੱਖਾਂ ਦੀ ਭਗਤੀ-ਸ਼ਕਤੀ ਦੇ ਕੇਂਦਰ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਉੱਤੇ ਤੋਪਾਂ ਤੇ ਟੈਂਕਾਂ ਦੇ ਨਾਲ ਹਮਲਾ ਕੀਤਾ ਸੀ ਅਤੇ 1978 ਤੋਂ 1995 ਤੱਕ ਸਿੱਖ ਨਸਲਕੁਸ਼ੀ ਕਰਕੇ ਲੱਖਾਂ ਬੇਦੋਸ਼ੇ ਤੇ ਨਿਹੱਥੇ ਸਿੱਖ ਨੌਜਵਾਨਾਂ ਦੇ ਖੂਨ ਵਿਚ ਕਾਂਗਰਸ ਦਾ ਪੰਜਾ ਰੰਗਿਆ ਹੋਇਆ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਆਖਿਆ ਕਿ ਕਾਂਗਰਸ ਵਲੋਂ ਆਪਣੇ ਰਾਜਨੀਤਕ ਮਨੋਰਥ ਲਈ ਗੁਰੂ ਸਾਹਿਬਾਨ ਦੇ ਨਾਵਾਂ ਜਾਂ ਧਾਰਮਿਕ ਚਿੰਨ੍ਹਾਂ ਦੀ ਦੁਰਵਰਤੋਂ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅੰਮ੍ਰਿਤਾ ਵੜਿੰਗ ਤੁਰੰਤ ਆਪਣੀ ਗਲਤੀ ਲਈ ਪਛਚਾਤਾਪ ਕਰੇ। ਇਸ ਦੇ ਨਾਲ ਚਿਤਾਵਨੀ ਹੈ ਕਿ ਉਹ ਸਿਆਸੀ ਪ੍ਰਚਾਰ ਅਤੇ ਸਿਆਸੀ ਹਿਤਾਂ ਖਾਤਰ ਕਿਸੇ ਵੀ ਰੂਪ ਵਿਚ ਧਾਰਮਿਕ ਜਜ਼ਬਾਤਾਂ ਨਾਲ ਖੇਡਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ।

Leave a Reply

Your email address will not be published. Required fields are marked *