ਅੰਮ੍ਰਿਤਸਰ, 1 ਮਈ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣ ਲੜਨ ਤੋਂ ਰੋਕ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਇਸੇ ਨੀਤੀ ਤਹਿਤ ਚੋਣ ਪ੍ਰਚਾਰ ਮੁਹਿੰਮ ਲਈ ਬਣਾਏ ਗਏ ਵਟਸਐਪ ਗਰੁੱਪ ਬਲਾਕ ਕਰ ਦਿੱਤੇ ਹਨ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਇਸ ਸਬੰਧੀ ਜਾਰੀ ਇੱਕ ਬਿਆਨ ਰਾਹੀਂ ਭਾਰਤ ਦੇ ਚੋਣ ਕਮਿਸ਼ਨ ਨੂੰ ਲਿਖਿਆ ਕਿ ਸਰਕਾਰਾਂ ਨੇ ਉਨ੍ਹਾਂ ਵੱਲੋਂ ਬਣਾਏ ਗਏ ਵਟਸਐਪ ਗਰੁੱਪ ਦੇ ਐਡਮਿਨਾਂ ਦੇ ਨੰਬਰ ਅਤੇ ਵਟਸਐਪ ਗਰੁੱਪ ਬੰਦ ਕਰ ਦਿੱਤੇ ਹਨ ਜਿਨ੍ਹਾਂ ਨੂੰ ਤੁਰੰਤ ਚਾਲੂ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਿੰਨੇ ਵੀ ਕੇਸ ਦਰਜ ਹਨ, ਉਹ ਪ੍ਰਸ਼ਾਸਨ ਰਾਹੀਂ ਜਨਤਕ ਕਰਵਾਏ ਜਾਣ।
ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਇਹ ਗਰੁੱਪ ਕੇਂਦਰ ਸਰਕਾਰ ਨੇ ਬੰਦ ਕਰਵਾਏ ਹਨ ਜਾਂ ਸੂਬਾ ਸਰਕਾਰ ਨੇ ਪਰ ਉਨ੍ਹਾਂ ਲਈ ਸਮੁੱਚਾ ਸਰਕਾਰੀ ਤੰਤਰ ਇੱਕੋ ਜਿਹਾ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਵਾਸਤੇ ਉਨ੍ਹਾਂ ਸੰਸਦੀ ਹਲਕੇ ਹੇਠ ਆਉਂਦੇ ਨੌਂ ਵਿਧਾਨ ਸਭਾ ਹਲਕਿਆਂ ਲਈ ਵਟਸਐਪ ਗਰੁੱਪ ਬਣਾਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਗਰੁੱਪ ਦੇ ਐਡਮਿਨ ਦਾ ਨੰਬਰ ਅਤੇ ਹੋਰ ਸਮਰਥਨ ਕਰਨ ਵਾਲੇ ਸਿੱਖਾਂ ਦੇ ਨੰਬਰਾਂ ’ਤੇ ਚੱਲ ਰਹੇ ਵਟਸਐਪ ਬਲਾਕ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਚੋਣ ਪ੍ਰਚਾਰ ਮੁਹਿੰਮ ਵਿੱਚ ਅੜਿੱਕੇ ਖੜੇ ਕਰ ਰਹੀ ਹੈ। ਚੋਣਾਂ ਵਿੱਚ ਹਰ ਉਮੀਦਵਾਰ ਨੂੰ ਬਰਾਬਰ ਦਾ ਮੌਕਾ ਮਿਲਣਾ ਚਾਹੀਦਾ ਹੈ ਪਰ ਸਰਕਾਰ ਉਨ੍ਹਾਂ ਦਾ ਹੱਕ ਖੋਹ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਲਈ ਚੋਣ ਇੰਚਾਰਜ ਬਣਾਈ ਗਈ ਬੀਬੀ ਪਰਮਜੀਤ ਕੌਰ ਖਾਲੜਾ ਨੇ ਵੀ ਦਾਅਵਾ ਕੀਤਾ ਕਿ ਉਸ ਦੇ ਸੋਸ਼ਲ ਮੀਡੀਆ ਖਾਤੇ ਬੰਦ ਕਰ ਦਿੱਤੇ ਗਏ ਹਨ।