ਖੰਨਾ, 3 ਮਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ’ਤੇ ਫੁੱਲ ਮਾਲਾਵਾਂ ਪਾਉਣ ਮਗਰੋਂ ਗੁਰਦੁਆਰਾ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਮੱਥਾ ਟੇਕ ਕੇ ‘ਪੰਜਾਬ ਬਚਾਓ ਯਾਤਰਾ’ ਸ਼ੁਰੂ ਕੀਤੀ ਗਈ। ਇਸ ਦੀ ਅਗਵਾਈ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣਾ ਵਜੂਦ ਗੁਆ ਚੁੱਕੀ ਹੈ ਅਤੇ ਲੋਕ ਦਲ ਬਦਲੂਆਂ ਨੂੰ ਬਿਲਕੁਲ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਥਾਂ ਕੰਗਲਾ ਪੰਜਾਬ ਬਣਾ ਕੇ ਰੱਖ ਦਿੱਤਾ। ਇਸ ਮੌਕੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਅਕਾਲੀ ਦਲ ਦੀ ਸਰਕਾਰ ਬਣਾ ਕੇ ਮੁੜ ਇਤਿਹਾਸ ਸਿਰਜਣਗੇ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਡੀ ਮੁੱਖ ਲੜਾਈ ਕਾਂਗਰਸ ਨਾਲ ਹੈ ਕਿਉਂਕਿ ਆਮ ਆਦਮੀ ਪਾਰਟੀ ਹਾਸ਼ੀਏ ’ਤੇ ਜਾ ਚੁੱਕੀ ਹੈ। ਇਹ ਰੋਡ ਸ਼ੋਅ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਖੰਨਾ ਸ਼ਹਿਰ ਵਿੱਚ ਪੁੱਜਿਆ। ਇਸ ਮੌਕੇ ਸ੍ਰੀ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਬਣਾ ਕੇ ਪੰਜਾਬ ਦੇ ਲੋਕ ਪਛਤਾ ਰਹੇ ਹਨ ਕਿਉਂਕਿ ਇਹ ਗੈਰ ਤਜਰਬੇਕਾਰਾਂ ਦੀ ਸਰਕਾਰ ਹੈ, ਜਿਸ ਨੂੰ ਪੰਜਾਬ ਦੇ ਹਿੱਤਾਂ ਦੀ ਕੋਈ ਪ੍ਰਵਾਹ ਨਹੀਂ ਹੈ। ਇਸ ਦੌਰਾਨ ਸ੍ਰੀ ਖਾਲਸਾ ਵੱਲੋਂ ਖੋਲ੍ਹੇ ਗਏ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਕੀਤਾ ਗਿਆ।
ਆਮ ਆਦਮੀ ਪਾਰਟੀ ਨੇ ਆਪਣਾ ਵਜੂਦ ਗੁਆਇਆ: ਸੁਖਬੀਰ
