ਚੰਡੀਗੜ੍ਹ : ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ।
ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ।