ਚੰਡੀਗੜ੍ਹ, ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਹਲਕਾ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਅਤੇ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਣੇ 28 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੀਜੇ ਦਿਨ ਲੋਕ ਸਭਾ ਹਲਕਾ ਲੁਧਿਆਣਾ ’ਚ ਸਭ ਤੋਂ ਵੱਧ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸੇ ਤਰ੍ਹਾਂ ਖਡੂਰ ਸਾਹਿਬ ਤੋਂ 4, ਫਰੀਦਕੋਟ, ਪਟਿਆਲਾ ਤੇ ਆਨੰਦਪੁਰ ਸਾਹਿਬ ਤੋਂ 3-3, ਸੰਗਰੂਰ, ਅੰਮ੍ਰਿਤਸਰ, ਬਠਿੰਡਾ ਤੇ ਫਿਰੋਜ਼ਪੁਰ ਤੋਂ 2-2 ਅਤੇ ਫਤਹਿਗੜ੍ਹ ਸਾਹਿਬ ਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਲੰਧਰ ਤੋਂ ਵੀਰਵਾਰ ਨੂੰ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਤਿੰਨ ਦਿਨਾਂ ਵਿੱਚ 61 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
ਹੰਸ ਰਾਜ ਹੰਸ ਤੇ ਜ਼ੀਰਾ ਸਣੇ 28 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ
