ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਤੇ ਵਪਾਰੀਆਂ ਦੇ ਰਿਸ਼ਤਿਆਂ ਵਿਚ ਦਰਾਰ ਪਾ ਕੇ ਸਿਆਸਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਾਖੜ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਦੇ ਜੱਦੀ ਸ਼ਹਿਰ ਸੰਗਰੂਰ ਦਾ ਦਿਲ ਕਹੇ ਜਾਣ ਵਾਲੇ ਬਰਨਾਲਾ ’ਚ ਕਿਸਾਨਾਂ ਤੇ ਵਪਾਰੀਆਂ ਵਿਚ ਪੈਦਾ ਹੋਇਆ ਵਿਵਾਦ ਪੰਜਾਬ ਦੇ ਹਾਲਾਤ ਹੋਰ ਵੀ ਖਰਾਬ ਕਰ ਸਕਦਾ ਹੈ।
ਜਾਖੜ ਨੇ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਅਜਨਾਲਾ ਚ ਪੁਲਿਸ ਥਾਣੇ ਉੱਤੇ ਕਬਜ਼ਾ, ਰੋਜ਼ਾਨਾ ਲੁੱਟਾਂ-ਖੋਹਾਂ ਫਿਰੌਤੀਆਂ, ਡਕੈਤੀਆਂ ਤੇ ਕਤਲ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਹਾਲਾਤ ਕਿੰਨੇ ਖਰਾਬ ਹਨ। ਨੰਗਲ ਚ ਆਰਐਸਐਸ ਆਗੂ ਦਾ ਕਤਲ ਸੂਬੇ ਦੀ ਅਮਨ ਸ਼ਾਂਤੀ ਲਈ ਵੱਡਾ ਸਵਾਲ ਹੈ।
ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਚ ਕਾਂਗਰਸ ਨੂੰ ਲੁਟੇਰੀ ਕਹੇਗਾ, ਜਦਕਿ ਦੇਸ਼ ਪੱਧਰ ਉੱਤੇ ਕਾਂਗਰਸ ਨਾਲ ਸਟੇਜਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਲ ਦਾ ਜਵਾਬ ਪਹਿਲੀ ਜੂਨ ਨੂੰ ਦੇਣਗੇ।