ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ।
ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।