ਜਲੰਧਰ, 26 ਅਗਸਤ (ਬਿਊਰੋ)– ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸੀਬਤਾਂ ਵੱਧ ਗਈਆਂ ਹਨ। ਧਾਰਮਿਕਾ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗੁਰਦਾਸ ਮਾਨ ਖ਼ਿਲਾਫ਼ ਥਾਣਾ ਸਿਟੀ ਨਕੋਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਗੁਰਦਾਸ ਮਾਨ ਖ਼ਿਲਾਫ਼ ਧਾਰਾ 295 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਗੁਰਦਾਸ ਮਾਨ ਖ਼ਿਲਾਫ਼ ਪਿਛਲੇ ਕੁਝ ਦਿਨਾਂ ਤੋਂ ਸਿੱਖ ਜਥੇਬੰਦੀਆਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਸੀ। ਇਥੋਂ ਤਕ ਕਿ ਰਸਤੇ ਵੀ ਬੰਦ ਕੀਤੇ ਜਾ ਰਹੇ ਸਨ। ਸਿੱਖ ਜਥੇਬੰਦੀਆਂ ਦਾ ਕਹਿਣਾ ਸੀ ਕਿ ਜੇਕਰ ਗੁਰਦਾਸ ਮਾਨ ਖ਼ਿਲਾਫ਼ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਉਹ ਵਿਰੋਧ ਹੋਰ ਤਿੱਖਾ ਕਰਨਗੇ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗੁਰਦਾਸ ਮਾਨ ਨਕੋਦਰ ਵਿਖੇ ਗੁਰਦਾਸ ਮਾਨ ਦਾ ਪ੍ਰੋਗਰਾਮ ਸੀ, ਜਿਸ ਦੌਰਾਨ ਉਨ੍ਹਾਂ ਨੇ ਸਾਈਂ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ।
ਜਦੋਂ ਗੁਰਦਾਸ ਮਾਨ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਸਿੱਖ ਜੱਥੇਬੰਦੀਆਂ ਵਲੋਂ ਇਸ ਦਾ ਭਾਰੀ ਵਿਰੋਧ ਕੀਤਾ ਗਿਆ ਸੀ। ਇਸ ਮਾਮਲੇ ‘ਚ ਸਿੱਖ ਜੱਥੇਬੰਦੀਆਂ ਨੇ ਗੁਰਦਾਸ ਮਾਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਮਾਮਲੇ ਨੂੰ ਜ਼ਿਆਦਾ ਭਖਦਾ ਵੇਖ ਹੁਣ ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕਰਦਿਆਂ ਮੁਆਫ਼ੀ ਮੰਗ ਲਈ ਹੈ। ਗੁਰਦਾਸ ਮਾਨ ਉਦੋਂ ਤੋਂ ਪੰਜਾਬੀਆਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਹਨ, ਜਦੋਂ ਉਨ੍ਹਾਂ ਨੇ ਸਟੇਜ ਤੋਂ ਮਾੜੀ ਸ਼ਬਦਾਵਲੀ ਦੀ ਵਰਤੋਂ ਕਰ ਦਿੱਤੀ ਸੀ। ਉਸ ਵਿਵਾਦ ਤੋਂ ਬਾਅਦ ਲੋਕਾਂ ਨੇ ਗੁਰਦਾਸ ਮਾਨ ਦਾ ਘਿਰਾਓ ਕਰਨਾ ਸ਼ੁਰੂ ਕਰ ਦਿੱਤਾ ਸੀ।