ਅੰਮ੍ਰਿਤਸਰ, ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਇਥੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ ਗਿਆ। ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਨੇ ਸੰਗਤ ਨੂੰ ਪੰਜਵੇਂ ਪਾਤਸ਼ਾਹ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਇਸੇ ਦੌਰਾਨ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਰਾਮਸਰ ਸਾਹਿਬ ਸਮੇਤ ਇਥੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਸ਼ਹਿਰ ਵਿੱਚ ਵੀ ਵੱਖ-ਵੱਖ ਥਾਵਾਂ ’ਤੇ ਛਬੀਲਾਂ ਲਾਈਆਂ ਗਈਆਂ ਹਨ।
ਅੰਮ੍ਰਿਤਸਰ: ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ
