ਚੰਡੀਗੜ੍ਹ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਜਲੰਧਰ ਪੱਛਮੀ ਰਾਖਵੀਂ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਆਪਣੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਨੇ ਕਿਹਾ ਕਿ ਉਹ ਹੋਰ ਮਾਮਲਿਆਂ ਦੇ ਨਾਲ-ਨਾਲ ਆਗਾਮੀ ਜਲੰਧਰ ਪੱਛਮੀ (ਐੱਸਸੀ) ਜ਼ਿਮਨੀ ਚੋਣ ਬਾਰੇ ਵਿਚਾਰ ਵਟਾਂਦਰਾ ਕਰਨਗੇ। ਉਨ੍ਹਾਂ ਕਿਹਾ,‘ਅੱਜ ਸੰਭਾਵਨਾ ਹੈ ਕਿ ਕਾਂਗਰਸ ਦੇ ਉਮੀਦਵਾਰ (ਜਲੰਧਰ ਪੱਛਮੀ ਵਿਧਾਨ ਸਭਾ ਸੀਟ ਲਈ) ਦਾ ਐਲਾਨ ਕਰ ਦਿੱਤਾ ਜਾਵੇਗਾ।’ ਵਿਧਾਨ ਸਭਾ ਹਲਕੇ ਲਈ ਜ਼ਿਮਨੀ ਚੋਣ 10 ਜੁਲਾਈ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਰੀਕ 21 ਜੂਨ ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 26 ਜੂਨ ਹੈ। ਬਿਜਲੀ ਕੱਟਾਂ ਬਾਰੇ ਸ੍ਰੀ ਵੜਿੰਗ ਨੇ ‘ਆਪ’ ਸਰਕਾਰ ‘ਤੇ ਦੋਸ਼ ਲਾਇਆ ਕਿ ਸੂਬੇ ਵਿਚ ਬਿਜਲੀ ਦਾ ਵੱਡਾ ਸੰਕਟ ਹੈ। ਜੇ ਲੁਧਿਆਣਾ ਦੀ ਗੱਲ ਕਰੀਏ ਤਾਂ ਸ਼ਹਿਰ 48 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਿਹਾ ਹੈ।
ਕਾਂਗਰਸ ਅੱਜ ਕਰ ਸਕਦੀ ਹੈ ਜਲੰਧਰ ਪੱਛਮੀ ਵਿਧਾਨ ਹਲਕੇ ਲਈ ਉਮੀਦਵਾਰ ਦਾ ਐਲਾਨ
