ਚੰਡੀਗੜ੍ਹ : ਸ਼ੰਭੂ ਬੈਰੀਅਰ ‘ਤੇ ਸਾਰੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਪਿਛਲੇ ਚਾਰ ਮਹੀਨਿਆਂ ਤੋਂ ਹੜਤਾਲ ‘ਤੇ ਬੈਠੇ ਕਿਸਾਨਾਂ ਦੀ ਸੁਰੱਖਿਆ ਬਲਾਂ ਨਾਲ ਝੜਪ ਦੌਰਾਨ ਮਾਰੇ ਗਏ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਅੱਜ ਮੁੱਖ ਮੰਤਰੀ ਨੇ ਮੁਲਾਕਾਤ ਕਰ ਕੇ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਵੀ ਨੌਕਰੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਜਾਣ ਨੂੰ ਲੈ ਕੇ ਖਨੌਰੀ ‘ਚ ਕਿਸਾਨਾਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਝੜਪ ‘ਚ ਸ਼ੁਭਕਰਨ ਸਿੰਘ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਕਿਸਾਨਾਂ ‘ਚ ਭਾਰੀ ਰੋਸ ਸੀ। ਕਿਸਾਨਾਂ ਨੇ ਲੋਕ ਸਭਾ ਚੋਣਾਂ ‘ਚ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਘੇਰਾਓ ਕਰ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਸ਼ੁਭਕਰਨ ਸਿੰਘ ਦੀ ਮੌਤ ‘ਤੇ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਵੇਗੀ।