ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ 500 ਡਾਕਟਰਾਂ ਦੀ ਕੀਤੀ ਜਾਵੇਗੀ ਭਰਤੀ – ਚੇਅਰਮੈਨ ਬਹਿਲ

ਗੁਰਦਾਸਪੁਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਜਿਸ ਤਹਿਤ ਸਿਹਤ ਵਿਭਾਗ ਵਿੱਚ ਬਹੁਤ ਜਲਦ ਕਰੀਬ 500 ਡਾਕਟਰਾਂ ਦੀ ਭਰਤੀ ਬਹੁਤ ਜਲਦੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ 500 ਨਵੇਂ ਡਾਕਟਰ ਭਰਤੀ ਹੋਣ ਨਾਲ ਸਿਹਤ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਹੋਰ ਬਿਹਤਰ ਢੰਗ ਨਾਲ ਸੇਵਾਵਾਂ ਦਿੱਤੀਆਂ ਜਾ ਸਕਣਗੀਆਂ।

ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਕਰਨ ਦੇ ਨਾਲ ਮਾਹਿਰ ਡਾਕਟਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਵੀ ਕੀਤੀ ਜਾ ਰਹੀ ਹੈ। ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਵੀ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਸਾਬਤ ਹੋਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 829 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤਕ ਕਰੀਬ 1.5 ਕਰੋੜ ਲੋਕ ਆਪਣਾ ਇਲਾਜ ਮੁਫ਼ਤ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਸਿਹਤ ਖੇਤਰ ਵਿਚਲੀ ਕ੍ਰਾਂਤੀ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਵੀ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਇਸ ਕਾਰਜ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਅਹਿਮ ਭੂਮਿਕਾ ਨਿਭਾਅ ਰਹੇ ਹਨ।

Leave a Reply

Your email address will not be published. Required fields are marked *