ਚੰਡੀਗੜ੍ਹ : 27 ਜੁਲਾਈ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਘਿਰਦੇ ਹੋਏ ਨਜ਼ਰ ਆ ਰਹੇ ਹਨ। ਸ਼ੋ੍ਮਣੀ ਅਕਾਲੀ ਦਲ ਦੇ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ’ਤੇ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਇਆ ਹੈ। ਇਸ ਤੋਂ ਇਲਾਵਾ ਕਈ ਸਾਬਕਾ ਨੌਕਰਸ਼ਾਹਾਂ ਨੇ ਵੀ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੀਟਿੰਗ ਦਾ ਬਾਈਕਾਟ ਨਹੀਂ ਕਰਨਾ ਚਾਹੀਦਾ ਸੀ, ਇਹ ਪੰਜਾਬ ਦੇ ਹਿੱਤ ਵਿਚ ਨਹੀਂ ਹੈ।
ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੀਤੀ ਆਯੋਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਜਿਥੇ ਸਾਰੇ ਰਾਜ ਆਪਣੀਆਂ ਲੋੜਾਂ ਤੇ ਸਮੱਸਿਆਵਾਂ ਨੂੰ ਸਾਹਮਣੇ ਰੱਖ ਕੇ ਆਪਣੀ ਗੱਲ ਰੱਖਣਗੇ ਪਰ ਪੰਜਾਬ ਤੋਂ ਇਲਾਵਾ ਤਾਮਿਲਨਾਡੂ, ਤੇਲੰਗਾਨਾ, ਕਰਨਾਟਕ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨੇ ਵੀ ਇਸ ਮੀਟਿੰਗ ਵਿਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਹਾਲ ਹੀ ਵਿਚ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿਚ ਆਪਣੇ-ਆਪਣੇ ਰਾਜਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਇਆ ਹੈ।