ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਹੋਵੇ ਬਸੰਤੀ ਜਾਂ ਸੁਰਮਈ, ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮ ਜਾਰੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਸਰਕੂਲਰ ਜਾਰੀ ਕਰ ਕੇ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਰਹਿਤ ਮਰਿਆਦਾ ਮੁਤਾਬਕ ਬਸੰਤੀ ਜਾਂ ਸੁਰਮਈ ਹੋਵੇ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ’ਚ 15 ਜੁਲਾਈ ਨੂੰ ਹੋਈ ਇਕੱਤਰਤਾ ’ਚ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਕੀਤਾ ਸੀ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੀ ਪੁਸ਼ਾਕੇ ਦਾ ਰੰਗ ਰਹਿਤ ਮਰਿਆਦਾ ਅਨੁਸਾਰ ਬਸੰਤੀ ਜਾਂ ਸੁਰਮਈ ਹੋਵੇ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਭੇਜ ਕੇ ਸੰਗਤ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਸੀ। ਇਸ ਉਪਰੰਤ 26 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸਰਕੂਲਰ (ਨੰਬਰ 37309) ਜਾਰੀ ਕੀਤਾ। ਇਸ ’ਚ ਸਪਸ਼ਟ ਤੌਰ ’ਤੇ ਲਿਖਿਆ ਗਿਆ ਹੈ ਕਿ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੁੱਜੀ ਪੱਤਰਕਾ ਨੰ: ਅ:ਤ/24/206/17-07-2024 ਮੁਤਾਬਕ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਪ੍ਰਵਾਨ ਹੋਏ ਮਤਾ ਨੰ:03/15-07-2024 ਦੀ ਮਨਸ਼ਾ ਅਨੁਸਾਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਪੈਦਾ ਹੋਈ ਦੁਬਿਧਾ ਦੂਰ ਕਰਨ ਲਈ ਸਰਬ-ਸੰਮਤੀ ਨਾਲ ਫ਼ੈਸਲਾ ਹੋਇਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਯਾਦਾ ਦੀ ਰੋਸ਼ਨੀ ’ਚ ਸੰਗਤ/ਪ੍ਰਬੰਧਕ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇ।

Leave a Reply

Your email address will not be published. Required fields are marked *