ਭਵਾਨੀਗੜ੍ਹ, ਇੱਥੇ ਅੱਜ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਸਮਾਗਮ ਦੀ ਤਿਆਰੀ ਲਈ ਰੱਖੀ ਗਈ ਵਰਕਰ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਆਪਹੁਦਰੀਆਂ ਅਤੇ ਤਾਨਾਸ਼ਾਹ ਫੈਸਲਿਆਂ ਦੇ ਦੋਸ਼ ਲਾਉਂਦਿਆਂ ਉਨ੍ਹਾਂ ਖਿਲਾਫ ਸਮੂਹ ਆਗੂਆਂ ਤੇ ਵਰਕਰਾਂ ਨੂੰ ਇਕਮੁੱਠਤਾ ਨਾਲ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਗਗਨਦੀਪ ਸਿੰਘ ਬਰਨਾਲਾ, ਪ੍ਰਕਾਸ਼ ਚੰਦ ਗਰਗ ਅਤੇ ਰਣਧੀਰ ਸਿੰਘ ਰੱਖੜਾ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਤਿਆਗ ਅਤੇ ਨਿਮਰਤਾ ਨਾਲ ਪਾਰਟੀ ਨੂੰ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਤਾਨਾਸ਼ਾਹੀ ਅਤੇ ਗੈਰਸੰਵਿਧਾਨਕ ਢੰਗ ਨਾਲ ਸੀਨੀਅਰ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਣ ਦੇ ਫ਼ੈਸਲੇ ਲੈ ਕੇ ਪਾਰਟੀ ਅਤੇ ਪੰਥ ਨੂੰ ਘੋਰ ਸੰਕਟ ਵਿੱਚ ਧੱਕ ਦਿੱਤਾ ਗਿਆ ਹੈ। ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ ਦੇ ਗ੍ਰਹਿ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਉਹ ਆਪਣੇ ਆਹੁਦੇ ਤੋਂ ਅਸਤੀਫਾ ਦੇਣ।
ਸੁਖਬੀਰ ਬਾਦਲ ਦੀ ਤਾਨਾਸ਼ਾਹੀ ਨੇ ਪਾਰਟੀ ਨੂੰ ਘੋਰ ਸੰਕਟ ਵੱਲ ਧੱਕਿਆ: ਬਲਦੇਵ ਸਿੰਘ ਮਾਨ
