ਚੰਡੀਗੜ੍ਹ, 3 ਸਤੰਬਰ (ਦਲਜੀਤ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸੱਦੇ ਗਏ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ‘ਚ ਹੋ ਚੁੱਕੀ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ‘ਤੇ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਹਾਲਾਂਕਿ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ 11 ਵਜੇ ਤੱਕ ਵਿਸ਼ੇਸ਼ ਇਜਲਾਸ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਇਜਲਾਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫ਼ਲਸਫ਼ੇ ਅਤੇ ਸਿੱਖਿਆ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਇਜਲਾਸ ਦੌਰਾਨ ਸਿਆਸੀ ਪਾਰਟੀਆਂ ਦੇ ਆਗੂ ਵੱਡੀ ਗਿਣਤੀ ‘ਚ ਪੁੱਜੇ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਸ਼ੇਸ਼ ਇਜਲਾਸ ਦੌਰਾਨ ਵਿਧਾਇਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਵਿਪ੍ਹ ਜਾਰੀ ਕੀਤਾ ਗਿਆ ਸੀ।
ਅਕਾਲੀ ਦਲ ਨੇ ਕੀਤਾ ਪ੍ਰਦਰਸ਼ਨ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ। ਅਕਾਲੀ ਆਗੂਆਂ ਦਾ ਕਹਿਣਾ ਸੀ ਕਿ ਕਾਂਗਰਸ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਘੱਟੋ-ਘੱਟ 15 ਦਿਨਾਂ ਦਾ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ।
ਉਨ੍ਹਾਂ ਨੇ ਕਾਂਗਰਸ ਅਤੇ ‘ਆਪ’ ਵੱਲੋਂ ਆਪਣੇ ਵਿਧਾਇਕਾਂ ਨੂੰ ਜਾਰੀ ਕੀਤੇ ਵਿਪ੍ਹ ‘ਤੇ ਵੀ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਅਤੇ ਆਪ ਨੂੰ ਸ਼ਾਇਦ ਆਪਣੇ ਵਿਧਾਇਕਾਂ ‘ਤੇ ਯਕੀਨ ਨਹੀਂ ਸੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ‘ਚ ਪਹੁੰਚਣਗੇ ਜਾਂ ਨਹੀਂ।