ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਲੱਗੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲੇ ਗਏ ਹਨ। ਹੁਣ ਨਿਸ਼ਾਨ ਸਾਹਿਬ ‘ਤੇ ਕੇਸਰੀ ਰੰਗ ਦੀ ਥਾਂ ਬਸੰਤੀ ਰੰਗ ਦੇ ਪੁਸ਼ਾਕੇ ਚੜ੍ਹਾਏ ਗਏ ਹਨ। ਪੁਸ਼ਾਕੇ ਬਦਲਣ ਤੋਂ ਪਹਿਲਾਂ ਅਰਦਾਸ ਕੀਤੀ ਅਤੇ ਫਿਰ ਨਿਸ਼ਾਨ ਸਾਹਿਬ ‘ਤੇ ਬਸੰਤੀ ਰੰਗ ਦੇ ਪੁਸ਼ਾਕੇ ਚੜ੍ਹਾਏ ਗਏ। ਜਾਣਕਾਰੀ ਮੁਤਾਬਕ ਜਥੇਦਾਰ ਦੇ ਹੁਕਮਾਂ ਤੋਂ ਬਾਅਦ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਦਲਿਆ ਗਿਆ ਹੈ।
ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਕਰ ਦਿੱਤਾ ਸੀ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ। ਦਰਅਸਲ ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਨੇ ਸਰਕੂਲਰ ਜਾਰੀ ਕਰਦੇ ਹੋਏ ਨਿਸ਼ਾਨ ਸਾਹਿਬ ਦੇ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਕੇਸਰੀ ਨਿਸ਼ਾਨ ਹਟਾ ਕੇ ਬਸੰਤੀ ਰੰਗ ਦੇ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮ ਵਿਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ।
ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਅਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂੰ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ।