ਨਵੀਂ ਦਿੱਲੀ, ਕਥਿਤ ਆਬਕਾਰੀ ਨੀਤੀ ਘੁਟਾਲੇ ਤੋਂ ਪੈਦਾ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਦੇ ਵਿਰੁੱਧ ਕੇਜਰੀਵਾਲ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਲਈ ਸੂਚੀਬੱਧ ਕਰਨ ਅਤੇ ਵਿਚਾਰ ਕਰਨ ਲਈ ਸਹਿਮਤੀ ਦਿੱਤੀ ਹੈ । ਦਿੱਲੀ ਹਾਈ ਕੋਰਟ ਨੇ 5 ਅਗਸਤ ਨੂੰ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਕਾਨੂੰਨੀ ਮੰਨਿਆ ਸੀ ਅਤੇ ਕਿਹਾ ਸੀ ਕਿ ਕੇਂਦਰੀ ਜਾਂਚ ਏਜੰਸੀ(ਸੀਬੀਆਈ) ਦੀਆਂ ਕਾਰਵਾਈਆਂ ਵਿੱਚ ਕੋਈ ਬਦਨੀਅਤੀ ਨਹੀਂ ਹੈ।
ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਗਵੀ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਅੱਗੇ ਤੁਰੰਤ ਸੂਚੀਬੱਧ ਕਰਨ ਲਈ ਪਟੀਸ਼ਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੀਐਮਐਲਏ (ਮਨੀ ਲਾਂਡਰਿੰਗ ਰੋਕੂ ਕਾਨੂੰਨ) ਤਹਿਤ ਹੋਰ ਮੁਲਜ਼ਮਾਂ ਦੀਆਂ ਜ਼ਮਾਨਤ ਪਟੀਸ਼ਨਾਂ ਪਹਿਲਾਂ ਹੀ ਸੁਣਵਾਈ ਲਈ ਸੂਚੀਬੱਧ ਹਨ। ਸੀਜੇਆਈ ਨੇ ਕਿਹਾ, “ਕਿਰਪਾ ਕਰਕੇ ਇਸ ਨੂੰ ਈਮੇਲ ਕਰੋ, ਮੈਂ ਇਸ ਨੂੰ ਦੇਖਾਂਗਾ।’’ ਕੇਸ ਨਾਲ ਜੁੜੇ ਵਕੀਲ ਵਿਵੇਕ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਹੈ।