ਅੰਮ੍ਰਿਤਸਰ: ਦੇਸ਼ ਦੀ ਆਜ਼ਾਦੀ ਦੀ 78ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ-ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਨਿਰੰਤਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੀ ਆਰਥਿਕ ਖੁਸ਼ਹਾਲੀ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਰਸਾਨੀ ਦੀ ਦਿਸ਼ਾ ਅਤੇ ਦਸ਼ਾ ਬਦਲੀ ਜਾਵੇਗੀ।
ਕਿਸਾਨੀ ਦੀ ਬਦਲੀ ਜਾਵੇਗੀ ਦਿਸ਼ਾ ਅਤੇ ਦਸ਼ਾ, ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਗੁਰਮੀਤ ਸਿੰਘ ਖੁੱਡੀਆਂ
