ਚੰਡੀਗੜ੍ਹ : ਹੁੰਮਸ ਭਰੀ ਗਰਮੀ ਨਾਲ ਬੇਹਾਲ ਹੋਏ ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ਵਿਚ 50 ਫੀਸਦੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਜਿੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਲੋਕਾਂ ਨੇ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਬੀਤੇ ਦਿਨੀਂ 8 ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਈ ਸੀ, ਜਿਸ ਤੋਂ ਬਾਅਦ ਤਾਪਮਾਨ ਵਿਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਸੀ ਜਦਕਿ ਸੂਬੇ ਵਿਚ ਸਭ ਤੋਂ ਵੱਧ ਤਾਪਮਾਨ 36.4 ਡਿਗਰੀ ਲੁਧਿਆਣਾ ਦਾ ਰਿਕਾਰਡ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਮਾਨਸੂਨ ਮੁੜ ਸੁਸਤ ਹੋ ਗਿਆ ਹੈ। ਭਾਵੇਂ ਮੌਸਮ ਵਿਭਾਗ ਵਲੋਂ ਪੰਜਾਬ ਵਿਚ ਕੋਈ ਤਾਜ਼ਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐੱਸ. ਏ. ਐੱਸ. ਨਗਰ, ਫਤਹਿਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿਚ 50 ਫੀਸਦੀ ਬਾਰਿਸ਼ ਦੇ ਆਸਾਰ ਹਨ।