ਕੋਲਕਾਤਾ ਡਾਕਟਰ ਬਲਾਤਕਾਰ ਤੇ ਹੱਤਿਆ ਮਾਮਲਾ: ਸੁਪਰੀਮ ਕੋਰਟ ਨੇ ਕੇਸ ਦਰਜ ਕਰਨ ’ਚ ਦੇਰ ਲਈ ਸਰਕਾਰ ਨੂੰ ਝਾੜਿਆ

ਨਵੀਂ ਦਿੱਲੀ, ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਨੂੰ ਭਿਆਨਕ ਕਰਾਰ ਦਿੰਦਿਆਂ ਸੁਪਰੀਮ ਕੋਰਟ ਨੇ ਅੱਜ ਪੱਛਮੀ ਬੰਗਾਲ ਸਰਕਾਰ ਨੂੰ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਵਿੱਚ ਦੇਰ ਲਈ ਝਾੜਿਆ। ਇਸ ਦੇ ਨਾਲ ਸੁਪਰੀਮ ਕੋਰਟ ਨੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਕੰਮ ‘ਤੇ ਪਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਡਾਕਟਰਾਂ ਅਤੇ ਸਿਹਤ ਪੇਸ਼ੇਵਰਾਂ ਦੀ ਸੁਰੱਖਿਆ ਅਤੇ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਕੌਮੀ ਪ੍ਰੋਟੋਕੋਲ ਤਿਆਰ ਕਰਨ ਲਈ 10 ਮੈਂਬਰੀ ਟਾਸਕ ਫੋਰਸ ਕਾਇਮ ਕੀਤੀ ਹੈ। ਇਹ ਟਾਸਕ ਫੋਰਸ ਆਪਣੀ ਅੰਤਰਿਮ ਰਿਪੋਰਟ ਤਿੰਨ ਹਫ਼ਤਿਆਂ ਵਿੱਚ ਅਤੇ ਅੰਤਿਮ ਰਿਪੋਰਟ ਦੋ ਮਹੀਨਿਆਂ ਵਿੱਚ ਸੌਂਪੇਗੀ।ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਘਟਨਾ ਪੂਰੇ ਭਾਰਤ ਵਿੱਚ ਡਾਕਟਰਾਂ ਦੀ ਸੁਰੱਖਿਆ ਨਾਲ ਸਬੰਧਤ ਹੈ। ਅਦਾਲਤ ਨੇ ਸੀਆਈਐੱਸਐੱਫ ਨੂੰ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਸੁਰੱਖਿਆ ਮੁਹੱਈਆ ਕਰਾਉਣ ਦਾ ਹੁਕਮ ਦਿੱਤਾ। ਡਾਕਟਰ ਬਲਾਤਕਾਰ ਤੇ ਹੱਤਿਆ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ 22 ਅਗਸਤ ਨੂੰ ਹੋਵੇਗੀ। ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਇਸ ਘਟਨਾ ਦਾ ਖ਼ੁਦ ਨੋਟਿਸ ਲੈਂਦਿਆਂ ਕਿਹਾ ਕਿ ਜੇ ਔਰਤਾਂ ਕੰਮ ’ਤੇ ਨਹੀਂ ਜਾ ਸਕਦੀਆਂ ਅਤੇ ਕੰਮ ਕਰਨ ਦੀਆਂ ਸਥਿਤੀਆਂ ਸੁਰੱਖਿਅਤ ਨਹੀਂ ਹਨ, ਤਾਂ ਅਸੀਂ ਉਨ੍ਹਾਂ ਨੂੰ ਬਰਾਬਰੀ ਦੇਣ ਤੋਂ ਇਨਕਾਰ ਕਰ ਰਹੇ ਹਾਂ। ਬਲਾਤਕਾਰ-ਕਤਲ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਵਿੱਚ ਦੇਰੀ ਲਈ ਪੱਛਮੀ ਬੰਗਾਲ ਸਰਕਾਰ ਦੀ ਆਲੋਚਨਾ ਕਰਦੇ ਹੋਏ ਸੁਪਰੀਮ ਕੋਰਟ ਨੇ ਪੁੱਛਿਆ ਕਿ ਹਸਪਤਾਲ ਦੇ ਅਧਿਕਾਰੀ ਕੀ ਕਰ ਰਹੇ ਸਨ? ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ। ਬੈਂਚ ਨੇ ਕਿਹਾ,‘’ਅਜਿਹਾ ਲੱਗਦਾ ਹੈ ਕਿ ਇਸ ਅਪਰਾਧ ਦਾ ਤੜਕੇ ਪਤਾ ਲੱਗਾ ਪਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਇਸ ਨੂੰ ਖੁਦਕੁਸ਼ੀ ਕਹਿਣ ਦੀ ਕੋਸ਼ਿਸ਼ ਕੀਤੀ ਅਤੇ ਬੈਂਚ ਨੇ ਕੋਲਕਾਤਾ ਪੁਲੀਸ ਨੂੰ ਵੀ ਝਾੜਿਆ ਅਤੇ ਪੁੱਛਿਆ ਕਿ ਹਜ਼ਾਰਾਂ ਲੋਕਾਂ ਦੀ ਭੀੜ ਨੇ ਆਰਜੀ ਮੈਡੀਕਲ ਕਾਲਜ ‘ਚ ਕਿਵੇਂ ਦਾਖਲ ਹੋ ਗਈ।? ਉਸ ਨੇ ਸਵਾਲ ਕੀਤਾ ਕਿ ਜਦੋਂ ਆਰਜੀ ਕਰ ਹਸਪਤਾਲ ਦੇ ਪ੍ਰਿੰਸੀਪਲ ਦਾ ਚਾਲ-ਚਲਣ ਜਾਂਚ ਦੇ ਘੇਰੇ ਵਿੱਚ ਹੈ ਤਾਂ ਉਸ ਨੂੰ ਤੁਰੰਤ ਕਿਸੇ ਹੋਰ ਕਾਲਜ ਵਿੱਚ ਕਿਵੇਂ ਨਿਯੁਕਤ ਕੀਤਾ ਗਿਆ।

Leave a Reply

Your email address will not be published. Required fields are marked *