ਚੰਡੀਗੜ੍ਹ -ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫ਼ਿਲਮ ‘ਐਮਰਜੈਂਸੀ’ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ਵਿਚ ਘਿਰੀ ਹੋਈ ਹੈ। ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਹੀ ਸਿੱਖ ਜਥੇਬੰਦੀਆਂ ਵੱਲੋਂ ਇਸ ਦੇ ਕੁਝ ਸੀਨਜ਼ ‘ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਮੀਤ ਹੇਅਰ ਨੇ ਕਿਹਾ ਹੈ ਕਿ ਜੇਕਰ ਫ਼ਿਲਮ ਰਾਹੀਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਇਸ ‘ਤੇ ਬੈਨ ਲਗਾਇਆ ਜਾ ਸਕਦਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਸਾਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਕਦਰ ਹੈ। ਜੇ ਇਸ ਫ਼ਿਲਮ ਰਾਹੀਂ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਇਸ ਨੂੰ ਬੈਨ ਕਰਨ ਬਾਰੇ ਜ਼ਰੂਰ ਵਿਚਾਰ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਫ਼ਿਲਹਾਲ ਫ਼ਿਲਮ ਨਾ ਮੈਂ ਵੇਖੀ ਹੈ ਤੇ ਨਾ ਕਿਸੇ ਹੋਰ ਨੇ, ਇਸ ਲਈ ਫ਼ਿਲਹਾਲ ਇਸ ਬਾਰੇ ਕੁਝ ਕਹਿ ਨਹੀਂ ਸਕਦੇ। ਪਰ ਜੇਕਰ ਇਸ ਫ਼ਿਲਮ ਵਿਚ ਕਿਸੇ ਵੀ ਧਰਮ ਨੂੰ ਜਾਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਇਸ ‘ਤੇ ਬੈਨ ਲਗਾਉਣ ਬਾਰੇ ਜ਼ਰੂਰ ਸੋਚਿਆ ਜਾਵੇਗਾ।
ਪੰਜਾਬ ‘ਚ ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ‘ਤੇ ਲੱਗੇਗਾ ਬੈਨ! ਮੀਤ ਹੇਅਰ ਦਾ ਵੱਡਾ ਬਿਆਨ
