ਚੰਡੀਗੜ੍ਹ : ਕਿਰਤੀ ਕਿਸਾਨ ਯੂਨੀਅਨ (Labor Farmers Union) ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁਡੀਕੇ ਦੀ ਪ੍ਰਧਾਨਗੀ ’ਚ ਹੋਈ ਮੀਟਿੰਗ ਦੀ ਕਾਰਵਾਈ ਪ੍ਰੈਸ ਦੇ ਨਾਂ ਜਾਰੀ ਕਰਦਿਆਂ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਨੇ ਕਿਹਾ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਲਈ ਡੱਕਾ ਨਹੀਂ ਤੋੜਿਆ। ਇਸ ਲਈ ਪੰਜਾਬ ਦੇ ਕਿਸਾਨਾਂ ਨੇ ਪੰਜਾਬ ਨਾਲ ਸਬੰਧਤ ਹੱਕੀ ਮੰਗਾਂ ਸਰਕਾਰ ਕੋਲੋਂ ਪੂਰੀਆਂ ਕਰਵਾਉਣ ਲਈ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਹਰ ਖੇਤ ਤੱਕ ਨਹਿਰੀ ਪਾਣੀ ਤੇ ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਪੁੱਜਦਾ ਕਰਵਾਉਣ ਤੇ ਦਰਿਆਈ ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਅਨੁਸਾਰ ਕਰਵਾਉਣ ਲਈ, ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹਿਆ ਪੰਜਾਬ ਸਰਕਾਰ ਦਾ ਕਰਜ਼ਾ ਰੱਦ ਕਰਵਾਉਣ, ਕਿਸਾਨਾਂ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪੈਨਸ਼ਨ ਦਿਵਾਉਣ, ਅਟਾਰੀ ਤੇ ਹੁਸੈਨੀਵਾਲਾ ਸੜਕ ਰਸਤੇ ਪਾਕਿਸਤਾਨ ਨਾਲ ਵਪਾਰ ਖੁਲਵਾਉਣ, ਡੈਮ ਸੇਫਟੀ ਐਕਟ ਰੱਦ ਕਰਵਾਉਣ, ਚਿੱਪ ਵਾਲੇ ਮੀਟਰ ਲਾਉਣ ਦੀ ਨੀਤੀ ਵਾਪਸ ਲੈਣ, ਬਾਸਮਤੀ ਦੇ ਨਿਰਯਾਤ ਤੇ ਕੇਂਦਰ ਸਰਕਾਰ ਵੱਲੋਂ 950 ਡਾਲਰ ਦੀ ਨਿਰਯਾਤ ਕੀਮਤ ਦੀ ਸ਼ਰਤ ਹਟਾਉਣ ਆਦਿ ਮੰਗਾਂ ਸਬੰਧੀ 2 ਸਤੰਬਰ ਨੂੰ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਕੀਤੇ ਜਾਣ ਵਾਲੇ ਮਾਰਚ ਵਿੱਚ ਜਥੇਬੰਦੀ ਦੇ ਹਜ਼ਾਰਾਂ ਕਾਰਕੁੰਨ ਪਹੁੰਚਣਗੇ।
ਕਿਰਤੀ ਕਿਸਾਨ ਯੂਨੀਅਨ ਦੇ ਹਜ਼ਾਰਾ ਕਾਰਕੁਨ ਚੰਡੀਗੜ੍ਹ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਜਾ ਰਹੇ ਮੁਜਾਹਰੇ ’ਚ ਹੋਣਗੇ ਸ਼ਾਮਲ
