ਚੰਡੀਗੜ੍ਹ,ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮਜ਼ਦੂਰ, ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਣਾਉਣ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਚੰਡੀਗੜ੍ਹ ਦੇ ਸੈਕਟਰ 34 ਵਿਚਲੇ ਦਸਹਿਰਾ ਗਰਾਊਂਡ ਵਿਚ ਪੰਜ ਰੋਜ਼ਾ ‘ਖੇਤੀ ਨੀਤੀ ਮੋਰਚਾ’ ਸ਼ੁਰੂ ਕਰ ਦਿੱਤਾ ਹੈ। ਕਿਸਾਨ-ਖੇਤ ਮਜ਼ਦੂਰ ਯੂਨੀਅਨਾਂ ਨੇ ਭਲਕੇ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਵਿਧਾਨ ਸਭਾ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਨੇ ਭਲਕ ਦਾ ਰੋਸ ਮਾਰਚ ਰੱਦ ਕਰਨ ਨੂੰ ਲੈ ਕੇ ਕਿਸਾਨ ਆਗੂਆਂ ਨਾਲ ਅੱਜ ਬੈਠਕ ਵੀ ਕੀਤੀ ਜੋ ਬੇਸਿੱਟਾ ਰਹੀ ਤੇ ਕਿਸਾਨ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਆਪਣੇ ਫੈਸਲੇ ’ਤੇ ਬਜ਼ਿੱਦ ਰਹੇ। ਮੋਰਚੇ ਦੇ ਪਹਿਲੇ ਦਿਨ ਪੰਜਾਬ ਭਰ ਤੋਂ ਨੌਜਵਾਨਾਂ, ਬਜ਼ੁਰਗਾਂ ਤੇ ਔਰਤਾਂ ਦੇ ਵੱਡੇ-ਵੱਡੇ ਕਾਫਲੇ ਚੰਡੀਗੜ੍ਹ ਪਹੁੰਚ ਗਏ ਹਨ ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪੰਜ ਦਿਨਾਂ ਮੋਰਚੇ ਲਈ ਰਾਸ਼ਨ-ਪਾਣੀ ਤੇ ਹੋਰ ਸਾਮਾਨ ਵੀ ਲਿਆਂਦਾ ਗਿਆ ਹੈ। ਚੰਡੀਗੜ੍ਹ ਵਿੱਚ ‘ਖੇਤੀ ਨੀਤੀ ਮੋਰਚੇ’ ਦੇ ਪਹਿਲੇ ਦਿਨ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਮਹਿਲਾ ਆਗੂ ਹਰਿੰਦਰ ਬਿੰਦੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰ ਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਸੰਬੋਧਨ ਕੀਤਾ। ਕਿਸਾਨ-ਮਜ਼ਦੂਰ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਖੇਤੀ ਨੀਤੀ ਤਿਆਰ ਕਰਨ ਅਤੇ ਹੋਰਨਾਂ ਕਿਸਾਨੀ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਭਰੋਸੇ ਦਿੱਤੇ ਜਾਂਦੇ ਸਨ। ਸੱਤਾ ਵਿੱਚ ਆਉਂਦੇ ਹੀ ‘ਆਪ’ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਭੁੱਲ ਗਈ ਹੈ। ਉਨ੍ਹਾਂ ਕਿਹਾ ਕਿ 2 ਸਤੰਬਰ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਖੁਦਕੁਸ਼ੀ ਪੀੜਤਾਂ ਦੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਵਿਧਾਨ ਸਭਾ ਵੱਲ ਮਾਰਚ ਕਰਕੇ ਖੇਤੀ ਨੀਤੀ ਸਮੇਤ ਹੋਰ ਭਖਦੀਆਂ ਕਿਸਾਨ ਮਜ਼ਦੂਰ ਮੰਗਾਂ ਦਾ ਯਾਦ ਪੱਤਰ ਮੁੱਖ ਮੰਤਰੀ ਤੋਂ ਇਲਾਵਾ ਵਿਰੋਧੀ ਧਿਰਾਂ ਦੇ ਨੁਮਾਇੰਦਿਆਂ ਨੂੰ ਸੌਂਪਣਗੇ।
Related Posts
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਫ਼ੌਜ ਦੇ ਜਵਾਨਾਂ ਵੱਲੋਂ ਬਰਫ਼ ਹਟਾਉਣ ਦਾ ਕੰਮ ਜਾਰੀ, 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ ਯਾਤਰਾ
ਐੱਸਏਐੱਸ ਨਗਰ; ਉੱਤਰਾਖੰਡ ਰਾਜ ’ਚ ਚਾਰਧਾਮ ਯਾਤਰਾ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ…
ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਹਰਿਆਲੀ- ਕੁਲਦੀਪ ਸਿੰਘ ਧਾਰੀਵਾਲ
ਰਾਮਦਾਸ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਨੇ ਕਿਹਾ ਕਿ ਪਿਛਲੀਆਂ ਸਾਰੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਹੀ ਨਹੀਂ, ਸਗੋਂ…
ਏ.ਟੀ.ਐੱਮ. ਭੰਨ 9 ਲੱਖ 74 ਹਜ਼ਾਰ ਚੋਰੀ ਕਰ ਫ਼ਰਾਰ ਹੋਏ ਚੋਰ
ਚੋਂਕੀਮਾਨ (ਜਗਰਾਓਂ ),12 ਨਵੰਬਰ (ਦਲਜੀਤ ਸਿੰਘ)- ਪਿੰਡ ਸਵੱਦੀ ਕਲਾਂ ਵਿਖੇ ਚੋਰਾਂ ਨੇ ਏ.ਟੀ.ਐੱਮ ਭੰਨ ਕੇ 9 ਲੱਖ 74 ਹਜ਼ਾਰ ਚੋਰੀ…