ਕੋਲਕਾਤਾ, ਕੋਲਕਾਤਾ ਦੇ ਹਸਪਤਾਲ ਵਿੱਚ ਪਿਛਲੇ ਮਹੀਨੇ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਮਾਮਲੇ ਵਿੱਚ ਅੱਜ ਪੱਛਮੀ ਬੰਗਾਲ ਦੇ ਸਰਕਾਰੀ ਦਫ਼ਤਰਾਂ ਦੇ ਘਿਰਾਓ ਦੌਰਾਨ ਪੰਸਕੁਰਾ ਅਤੇ ਓਂਡਾ ਵਿੱਚ ਭਾਜਪਾ ਵਰਕਰਾਂ ਅਤੇ ਪੁਲੀਸ ਵਿਚਾਲੇ ਝੜਪ ਹੋਈ। ਕਾਂਗਰਸ ਨੇ ਵੀ ਇਸ ਮਾਮਲੇ ’ਤੇ ਪ੍ਰਦਰਸ਼ਨ ਕਰਦਿਆਂ ਜਾਂਚ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ ਹੈ। ਇਸ ਦੌਰਾਨ ਕਲਕੱਤਾ ਹਾਈ ਕੋਰਟ ਅਤੇ ਬੈਂਕਸ਼ਾਲ ਕੋਰਟ ਦੇ ਵੱਖ-ਵੱਖ ਵਕੀਲਾਂ ਨੇ ਵੀ ਮਨੁੱਖੀ ਲੜੀ ਬਣਾ ਕੇ ਮਹਿਲਾ ਡਾਕਟਰ ਲਈ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਅਦਾਲਤ ਦੀ ਇਮਾਰਤ ਦੇ ਬਾਹਰ ਤਖ਼ਤੀਆਂ ਫੜ ਕੇ ਨਾਅਰੇਬਾਜ਼ੀ ਕੀਤੀ।
ਭਾਜਪਾ ਵਰਕਰਾਂ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਰਹਿਣ ਲਈ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਪੱਛਮੀ ਮੇਦਿਨੀਪੁਰ ਜ਼ਿਲ੍ਹੇ ਦੇ ਪੰਸਕੁਰਾ ਅਤੇ ਬਾਂਕੁਰਾ ਜ਼ਿਲ੍ਹੇ ਦੇ ਓਂਡਾ ਵਿੱਚ ਨਾਅਰੇਬਾਜ਼ੀ ਕੀਤੀ ਅਤੇ ਟਾਇਰ ਫੂਕੇ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸਰਕਾਰੀ ਤੰਤਰ ‘ਅਸਲ ਦੋਸ਼ੀਆਂ ਨੂੰ ਬਚਾਅ ਰਿਹਾ ਹੈ’ ਅਤੇ ‘ਜਾਂਚ ਤੋਂ ਧਿਆਨ ਭਟਕਾਇਆ’ ਜਾ ਰਿਹਾ ਹੈ।’’ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਕੇਂਦਰੀ ਮੰਤਰੀ ਸੁਕਾਂਤ ਮਜੂਮਦਾਰ ਨੇ ਦੱਖਣੀ ਦਿਨਾਜਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਦੇ ਘਿਰਾਓ ਦੀ ਅਗਵਾਈ ਕੀਤੀ ਅਤੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਦੁਹਰਾਈ। ਇਸੇ ਦੌਰਾਨ ਕਾਂਗਰਸੀ ਵਰਕਰਾਂ ਨੇ ਮਾਮਲੇ ਦੀ ਜਾਂਚ ਤੇਜ਼ ਕਰਨ ਦੀ ਮੰਗ ਨੂੰ ਲੈ ਕੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਦਫਤਰ ਅੱਗੇ ਪ੍ਰਦਰਸ਼ਨ ਕੀਤਾ। ਕਾਂਗਰਸੀ ਵਰਕਰਾਂ ਨੇ ਥੋੜ੍ਹੇ ਸਮੇਂ ਲਈ ਸ਼ਹਿਰ ਦੇ ਦੱਖਣੀ ਹਿੱਸੇ ਵਿੱਚ ਏਜੇਸੀ ਬੋਸ ਰੋਡ ’ਤੇ ਆਵਾਜਾਈ ਠੱਪ ਕਰ ਦਿੱਤੀ ਤੇ ਰੋਸ ਵਜੋਂ ਟਾਇਰ ਫੂਕੇ। ਪਾਰਟੀ ਦੇ ਸੀਨੀਅਰ ਆਗੂ ਸੰਤੋਸ਼ ਪਾਠਕ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀ ਕਾਂਗਰਸੀ ਵਰਕਰਾਂ ਨੇ ਚਿਤਾਵਨੀ ਦਿੱਤੀ ਕਿ ਜੇ ਜਾਂਚ ਵਿੱਚ ਦੇਰੀ ਹੋਈ ਅਤੇ ਸੀਬੀਆਈ ਇਸ ਅਪਰਾਧ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਅਸਫਲ ਰਹੀ ਤਾਂ ਉਹ ਸੰਘਰਸ਼ ਤੇਜ਼ ਕਰਨਗੇ।