ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਕੁਲਵੰਤ ਸਿੰਘ

ਮੋਹਾਲੀ – ਮੋਹਾਲੀ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਸਾਨ ਅੰਦੋਲਨ ‘ਚ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਮ੍ਰਿਤਕ ਕਿਸਾਨਾਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ ਹੈ। ਮੋਹਾਲੀ ‘ਚ ਆਯੋਜਿਤ ਇੱਕ ਸੰਖੇਪ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਤੱਕ ਅਜਿਹੇ ਕੁੱਲ 660 ਮ੍ਰਿਤਕ ਕਿਸਾਨਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ’ਤੇ ਭਰਤੀ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 453 ਨੂੰ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਖੇਤੀਬਾੜੀ ਵਿਭਾਗ ਵਿੱਚ 5 ਨਿਯੁਕਤੀਆਂ ‘ਚ ਬੇਲਦਾਰ (ਕਲਾਸ 4) ਵਜੋਂ ਨੌਕਰੀਆਂ ਦਿੱਤੀਆਂ ਗਈਆਂ ਹਨ। ਅੱਜ ਜਿਨ੍ਹਾਂ ਪੰਜ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਉਨ੍ਹਾਂ ਵਿੱਚ ਅਸ਼ਵਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ, ਮਹਿੰਦਰ ਸਿੰਘ ਪੁੱਤਰ ਬਹਾਦਰ ਸਿੰਘ, ਮੰਗਾ ਖਾਨ ਪੁੱਤਰ ਹਮੀਦ ਖਾਨ, ਗੁਰਪ੍ਰੀਤ ਸਿੰਘ ਪੁੱਤਰ ਸਰੋਮ ਸਿੰਘ ਅਤੇ ਹਰਸ਼ਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ (ਸਾਰੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ) ਸ਼ਾਮਿਲ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਿਤ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੇ ਮਸਲੇ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਖੇਤੀ ਨੂੰ ਪ੍ਰਫੁੱਲਤ ਕਰਨ, ਨਹਿਰੀ ਆਧਾਰਿਤ ਸਿੰਚਾਈ ਦੀ ਸਹੂਲਤ ਦੇਣ ਤੋਂ ਇਲਾਵਾ ਗੰਨੇ ਦੇ ਭਾਅ ਵਿੱਚ ਵਾਧੇ ਲਈ ਲਏ ਗਏ ਫ਼ੈਸਲਿਆਂ ਦੀ ਕਿਸਾਨ ਵਰਗ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਦੀ ਧਾਰਾ 20 ਵਿੱਚ ‘ਕੋਈ ਇਤਰਾਜ਼ ਨਹੀਂ ਸਰਟੀਫਿਕੇਟ’ ਦੀ ਸ਼ਰਤ ਨੂੰ ਮੁਆਫ਼ ਕਰਨ ਦਾ ਰਾਹ ਪੱਧਰਾ ਕਰਨ ਲਈ ਕੀਤੀ ਗਈ ਸੋਧ ਨੂੰ ਕਾਨੂੰਨੀ ਮਾਲਕੀ ਦੇ ਦਸਤਾਵੇਜ਼ ਹਾਸਲ ਕਰਨ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦੇ ਹੱਲ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀ ਇਸ ਮੁਸ਼ਕਿਲ ਪਿੱਛੇ ਕੁਝ ਲੋਕਾਂ ਦੀ ਮਿਲੀ-ਭੁਗਤ ਸੀ, ਜਿਨ੍ਹਾਂ ਨੇ ਇਨ੍ਹਾਂ ਭੋਲੇ-ਭਾਲੇ ਲੋਕਾਂ ਨੂੰ ਗੈਰ-ਕਾਨੂੰਨੀ ਅਤੇ ਅਣ-ਅਧਿਕਾਰਤ ਕਾਲੋਨੀਆਂ ‘ਚ ਪਲਾਟ ਦੇਣ ਦੇ ਨਾਂ ‘ਤੇ ਲੁਭਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਗਟਾਈ ਵਚਨਬੱਧਤਾ ਅਨੁਸਾਰ ਰਾਜ ਸਰਕਾਰ ਨੇ ਇਨ੍ਹਾਂ ਭੋਲੇ-ਭਾਲੇ ਲੋਕਾਂ ਨੂੰ ਅਣ-ਅਧਿਕਾਰਤ ਅਤੇ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟਾਂ ਦੇ ਮਾਲਕ ਬਣਾਉਣ ਲਈ ਪਾਪਰਾ ਐਕਟ 1995 ਦੀ ਧਾਰਾ ਵਿੱਚ ਸੋਧ ਕਰਨ ਲਈ ਇੱਕ ਬਿੱਲ ਪਾਸ ਕਰ ਦਿੱਤਾ ਹੈ।

Leave a Reply

Your email address will not be published. Required fields are marked *