ਚੰਡੀਗੜ੍ਹ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਵਿੱਤੀ ਐਮਰਜੈਂਸੀ ਲੱਗੀ ਹੈ, ਕਿਉਂਕਿ ਪਿਛਲੇ ਢਾਈ ਸਾਲਾਂ ਵਿੱਚ ਸੂਬੇ ਸਿਰ ਕਰਜ਼ਾ ਇਕ ਲੱਖ ਕਰੋੜ ਰੁਪਏ ਤੋਂ ਵਧ ਗਿਆ ਹੈ। ‘ਆਪ’ ਸਰਕਾਰ ਨੂੰ ਹੁਣ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣੀਆਂ ਵੀ ਔਖੀਆਂ ਲੱਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਾਲ ਹੀ ਵਿੱਚ ਪੈਟਰੋਲ ਤੇ ਡੀਜ਼ਲ ’ਤੇ ਵੈਟ ਵਧਾ ਦਿੱਤਾ ਹੈ ਅਤੇ ਪੈਸੇ ਇਕੱਠੇ ਕਰਨ ਵਾਸਤੇ 11 ਲੱਖ ਬਿਜਲੀ ਖਪਤਕਾਰਾਂ ਸਿਰ 2 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਬੋਝ ਪਾ ਦਿੱਤਾ ਹੈ। ਇੱਥੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਮੌਜੂਦਗੀ ਵਿੱਚ ਪ੍ਰੈੱਸ ਕਾਨਫ਼ਰੰਸ ’ਚ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਨੂੰ ਮਾਰ ਪਾਉਣ, ਡੀਜ਼ਲ ’ਤੇ ਵੈਟ ਵਧਾ ਕੇ ਮਹਿੰਗਾਈ ਵਧਾਉਣ ਤੇ ਖੇਤੀਬਾੜੀ ਦੀ ਲਾਗਤ ਹੋਰ ਵਧਾਉਣ ਦੀ ਬਜਾਏ ਸਰਕਾਰ ਨੂੰ ਇਸ਼ਤਿਹਾਰਬਾਜ਼ੀ, ਜਨਤਕ ਪ੍ਰੋਗਰਾਮਾਂ ਤੇ ਹੋਰ ਰਾਜਾਂ ਵਿੱਚ ਪ੍ਰਚਾਰ ਮੁਹਿੰਮਾਂ ’ਤੇ ਫ਼ਾਲਤੂ ਖਰਚਾ ਕਰਨ ਤੋਂ ਬਚਣਾ ਚਾਹੀਦਾ ਹੈ। ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ ਐੱਨਆਰਆਈ ਪਰਿਵਾਰ ਦਾ ਕਤਲ ਕਰ ਦਿੱਤਾ ਗਿਆ ਤੇ ਅੰਮ੍ਰਿਤਸਰ ਦੀ ਮੰਡੀ ਵਿੱਚ ਕਰੋੜਾਂ ਰੁਪਏ ਦਾ ਡਰਾਈ ਫਰੂਟ ਲੁੱਟ ਲਿਆ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਪੁਲੀਸ ਇੰਸਪੈਕਟਰ ਅਮਨਜੋਤ ਕੌਰ ਵੱਲੋਂ ਸਾਈਬਰ ਫਰਾਡ ਦੇ ਲਾਏ ਇਲਜ਼ਾਮਾਂ ਦੀ ਜਾਂਚ ਮੰਗੀ ਹੈ।
ਆਮ ਆਦਮੀ ’ਤੇ ਬੋਝ ਪਾਉਣ ਦੀ ਬਜਾਏ ਸਰਕਾਰ ਫਾਲਤੂ ਖਰਚੇ ਘਟਾਏ: ਮਜੀਠੀਆ
