ਨਵੀਂ ਦਿੱਲੀ- ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਹੱਤਿਆਕਾਂਡ ’ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ( DGP Sumedh Saini) ਨੂੰ ਸੁਪਰੀਮ ਕੋਰਟ (SC)ਤੋਂ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ(Supreme Court) ਨੇ ਮੁਲਤਾਨੀ ਦੇ ਲਾਪਤਾ ਹੋਣ ਤੇ ਹੱਤਿਆ ਮਾਮਲੇ ’ਚ ਸੁਮੇਧ ਸਿੰਘ ਖ਼ਿਲਾਫ਼ ਦਰਜ ਨਵੀਂ ਐੱਫਆਈਆਰ ਰੱਦ ਕਰਨ ਤੋਂ ਮੰਗਲਵਾਰ ਨੂੰ ਇਨਕਾਰ ਕਰ ਦਿੱਤਾ।
ਜਸਟਿਸ ਐੱਮਐੱਮ ਸੁੰਦਰੇਸ਼ ਤੇ ਜਸਟਿਸ ਪੰਕਜ ਮਿੱਤਲ ਦੇ ਬੈਂਚ ਨੇ ਕਿਹਾ ਕਿ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਹੋਣ ਤੋਂ ਬਾਅਦ ਦੀ ਸਥਿਤੀ ਨੂੰ ਦੇਖਦੇ ਹੋਏ ਬੈਂਚ ਐੱਫਆਈਆਰ ’ਚ ਦਾਖ਼ਲ ਨਹੀਂ ਕਰਨਾ ਚਾਹੁੰਦਾ। ਹਾਲਾਂਕਿ, ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਅੱਠ ਸਤੰਬਰ 2020 ਦੇ ਫ਼ੈਸਲੇ ’ਚ ਦਰਜ ਟਿੱਪਣੀਆਂ ਤੇ ਸਿੱਟੇ ਨਾਲ ਹੇਠਲੀ ਅਦਾਲਤ ਦੇ ਸਾਹਮਣੇ ਕਾਰਵਾਈ ’ਚ ਕੋਈ ਅਸਰ ਨਹੀਂ ਪਵੇਗਾ। ਜਸਟਿਸ ਸੁੰਦਰੇਸ਼ ਨੇ ਕਿਹਾ ਕਿ ਕਿਉਂਕਿ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ, ਇਸ ਲਈ ਇਸ ਪੱਧਰ’ਤੇ ਐੱਫਆਈਆਰ ਰੱਦ ਕਰਨ ’ਤੇ ਵਿਚਾਰ ਨਹੀਂ ਕੀਤਾ ਜਾ ਸਕਦਾ।