ਚੰਡੀਗੜ੍ਹ, ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਵੱਲੋਂ 9 ਸਤੰਬਰ ਤੋਂ ਤਿੰਨ ਘੰਟੇ ਓਪੀਡੀਜ਼ ਬੰਦ ਰੱਖਣ ਦੀ ਸ਼ੁਰੂ ਕੀਤੀ ਗਈ ਹੜਤਾਲ ਦੇ ਚਲਦਿਆਂ ਅੱਜ ਐਸੋਸੀਏਸ਼ਨ ਦੇ ਅਹੁਦੇਦਾਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਹੋਈ ਮੀਟਿੰਗ ਤੋਂ ਸੰਤੁਸ਼ਟ ਨਾ ਹੋਏ। ਅੱਜ ਵੀ ਹੜਤਾਲ ਕਰਕੇ ਪੂਰੇ ਪੰਜਾਬ ਦੇ ਹਸਪਤਾਲਾਂ ਵਿੱਚ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਪ੍ਰੇਸ਼ਾਨ ਹੁੰਦੇ ਰਹੇ।
ਡਾਕਟਰਾਂ ਨੇ ਹੜਤਾਲ ਨੂੰ ਦੂਜੇ ਪੜਾਅ ਵਿੱਚ ਸ਼ਾਮਲ ਕਰਦਿਆਂ 12 ਸਤੰਬਰ ਤੋਂ ਸੂਬੇ ਦੇ ਸਰਕਾਰੀ ਹਸਪਤਾਲਾਂ, ਪੀਐੱਚਸੀਜ਼, ਸੀਐੱਚਸੀਜ਼ ਸਣੇ ਸਾਰੇ ਸਿਹਤ ਕੇਂਦਰਾਂ ਵਿੱਚ ਓਪੀਡੀਜ਼ ਮੁਕੰਮਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਦੱਸਿਆ ਕਿ ਸਾਰੀਆਂ ਓਪੀਡੀਜ਼ ਵਿੱਚ ਕੰਮ-ਕਾਜ ਪੂਰਾ ਦਿਨ ਕੰਮ ਬੰਦ ਰੱਖਿਆ ਜਾਵੇਗਾ ਅਤੇ ਕੋਈ ਮਰੀਜ਼ ਨਹੀਂ ਦੇਖੇ ਜਾਣਗੇ। ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚਾਲੂ ਰਹਿਣਗੀਆਂ।