ਪਟਿਆਲਾ : ਸ਼੍ਰੋਮਣੀ ਅਕਾਲੀ ਦਲ (Akali Dal)ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ(bikram singh majhitia) ਨੇ ਬੁੱਧਵਾਰ ਨੂੰ ਪਟਿਆਲਾ ਪੁੱਜ ਕੇ ਅਕਾਲੀ ਆਗੂ ਤੇ ਆਪਣੇ ਸਾਬਕਾ ਓਐੱਸਡੀ ਰਾਕੇਸ਼ ਪ੍ਰਾਸ਼ਰ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਆਪ ਸਰਕਾਰ ਦੀ ਨਵੀਂ ਖੇਤੀਬਾੜੀ ਨੀਤੀ ਪੁਰਾਣੀ ਬੋਤਲ ਵਿਚ ਨਵੀਂ ਸ਼ਰਾਬ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕਿਸਾਨ ਖੁਦਕੁਸ਼ੀਆਂ ਨਹੀਂ ਰੁਕਣਗੀਆਂ, ਨਾ ਹੀ ਫਸਲੀ ਵਿਭਿੰਨਤਾ ਆ ਸਕੇਗੀ ਤੇ ਨਾ ਹੀ ਜ਼ਮੀਨ ਹੇਠਲਾ ਪਾਣੀ ਹੋਰ ਹੇਠਾਂ ਜਾਣ ਤੋਂ ਬਚਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਨੀਤੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਜਿਹਨਾਂ ਸਿਰ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹਿਆ ਹੋਇਆ ਹੈ, ਦਾ ਕਰਜ਼ਾ ਘਟਾਉਣ ਵਿਚ ਸਹਾਈ ਨਹੀਂ ਹੋਵੇਗੀ ਤੇ ਨਾ ਹੀ ਇਸ ਵਿਚ ਮੱਕੀ ਤੇ ਦਾਲਾਂ ਲਈ ਐਮ ਐਸ ਪੀ ਦਾ ਵਾਅਦਾ ਕੀਤਾ ਗਿਆ ਹੈ ਤਾਂ ਜੋ ਝੋਨੇ ਦੀ ਥਾਂ ਫਸਲੀ ਵਿਭਿੰਨਤਾ ਲਿਆਂਦੀ ਜਾ ਸਕੇ। ਸਾਬਕਾ ਓਐਸਡੀ ਰਾਕੇਸ਼ ਪ੍ਰਾਸ਼ਰ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪ੍ਰਾਸ਼ਰ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।