ਚੰਡੀਗੜ੍ਹ, ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਨ੍ਹਾਂ ਵਿੱਚੋਂ 25 ਵਿਅਕਤੀਆਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਕਲਰਕ ਅਤੇ ਪੰਜ ਨੂੰ ਸੇਵਾਦਾਰ ਵਜੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿੱਚ ਦੋ ਵੈਟਰਨਰੀ ਇੰਸਪੈਕਟਰਾਂ ਅਤੇ ਚਾਰ ਕਲਰਕਾਂ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਦੋ ਸਟੈਨੋਗ੍ਰਾਫ਼ਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 44,974 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਪੰਜਾਬ ਸਰਕਾਰ ਨੇ ਸੰਘਰਸ਼ੀ ਕਿਸਾਨਾਂ ਦੇ 30 ਵਾਰਸਾਂ ਨੂੰ ਨੌਕਰੀਆਂ ਦਿੱਤੀਆਂ
