ਚਾਉਕੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦੀਆਂ ਵਿਰੋਧੀ ਤਾਕਤਾਂ ਉਨ੍ਹਾਂ ਖ਼ਿਲਾਫ਼ ਬੇਬੁਨਿਆਦ ਅਫਵਾਹਾਂ ਫੈਲਾ ਰਹੀਆਂ ਹਨ ਤਾਂ ਕਿ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹਿਆ ਜਾ ਸਕੇ। ਬਠਿੰਡਾ ਦੇ ਪਿੰਡ ਚਾਉਕੇ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਖੁਸ਼ਹਾਲੀ ਅਤੇ ਸੂਬੇ ਦੀ ਭਲਾਈ ਲਈ ਉਹ ਸਮਰਪਿਤ ਹੋ ਕੇ ਕੰਮ ਕਰ ਰਹੇ ਹਨ ਪਰ ਕੁਝ ਸਿਆਸੀ ਲੀਡਰਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ, ਜਿਸ ਕਰਕੇ ਉਹ ਵਾਰ-ਵਾਰ ਉਨ੍ਹਾਂ ਖਿਲਾਫ਼ ਕੂੜ ਪ੍ਰਚਾਰ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਰਹਿਣ ਵਾਲੇ ਉਨ੍ਹਾਂ ਤੋਂ ਪਹਿਲੇ ਸਿਆਸੀ ਲੀਡਰਾਂ ਨੇ ਕਦੇ ਵੀ ਸੂਬੇ ਜਾਂ ਇੱਥੋਂ ਦੇ ਲੋਕਾਂ ਦਾ ਕੋਈ ਫਿਕਰ ਨਹੀਂ ਕੀਤਾ। ਇਨ੍ਹਾਂ ਆਗੂਆਂ ਨੇ ਸੂਬੇ ਲਈ ਕੰਮ ਕਰਨ ਦੀ ਬਜਾਏ ਆਪਣੇ ਨਿੱਜੀ ਮੁਫਾਦ ਅਤੇ ਪਰਿਵਾਰਵਾਦ ਨੂੰ ਤਰਜੀਹ ਦਿੱਤੀ। ਇਨ੍ਹਾਂ ਆਗੂਆਂ ਦਾ ਇਹ ਰਵੱਈਆ ਪੰਜਾਬ ਅਤੇ ਇੱਥੋਂ ਦੇ ਲੋਕਾਂ ਲਈ ਬਹੁਤ ਘਾਤਕ ਸਿੱਧ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਸਰਮਾਇਆ ਇਕੱਠਾ ਕੀਤਾ ਅਤੇ ਵੱਡੇ-ਵੱਡੇ ਮਹਿਲ ਉਸਾਰ ਲਏ। ਇਹ ਆਗੂ ਲੋਕਾਂ ਦੀ ਪਹੁੰਚ ਤੋਂ ਦੂਰ ਰਹੇ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਵਿਖਾਇਆ। ਸਰਕਾਰ ਨੇ ਪਾਰਦਰਸ਼ੀ ਢੰਗ ਨਾਲ 44000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਸੂਬੇ ਵਿਚ ਪੰਚਾਇਤੀ ਚੋਣਾਂ ਜਲਦੀ ਹੀ ਹੋਣਗੀਆਂ ਅਤੇ ਇਹ ਉਮੀਦਵਾਰ ਬਿਨਾਂ ਪਾਰਟੀ ਚੋਣ ਨਿਸ਼ਾਨ ਤੋਂ ਚੋਣ ਲੜਨਗੇ।
ਸੂਬੇ ’ਚ ਅਫਵਾਹਾਂ ਫੈਲਾਅ ਰਹੀਆਂ ਨੇ ਵਿਰੋਧੀ ਤਾਕਤਾਂ: ਭਗਵੰਤ ਮਾਨ
