ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਪੰਜਾਬ ਸਰਕਾਰ ਰੋਜ਼ਾਨਾ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਾ ਸਿਰਫ ਉਨ੍ਹਾਂ ਨੂੰ ਪੈਰਾਂ ਸਿਰ ਖੜ੍ਹੇ ਕਰ ਰਹੀ ਹੈ ਸਗੋਂ ਉਨ੍ਹਾਂ ਦੇ ਜੀਵਨ ਪੱਧਰ ਵੀ ਉੱਚੀ ਚੁੱਕ ਰਹੀ ਹੈ। ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਧੜਾ-ਧੜ ਨੌਕਰੀਆਂ ਦੇ ਚੱਲਦੇ ਨੌਜਵਾਨਾਂ ਦਾ ਪ੍ਰਵਾਸ ਵੀ ਰੁਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਤਾਕ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਵਿਭਾਗ ਵਿਚ ਖਾਲ੍ਹੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 44,000 ਤੋਂ ਵੱਧ ਨਿਯੁਕਤੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿਚ ਚੁਣੌਤੀ ਨਹੀਂ ਦਿੱਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।