ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ ਸਿੰਘ ਅਤੇ ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ (ਡੀ.ਸੀ.ਐਫ.ਏ.) ਪੰਕਜ ਗਰਗ ਵਿਰੁੱਧ 3,16,58,421 ਰੁਪਏ ਦੇ ਗਬਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਐਕਸੀਅਨ ਰਣਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜਸਪਿੰਦਰ ਸਿੰਘ, ਇਲੈਕਟ੍ਰਿਕ ਪੰਪ ਡਰਾਈਵਰ, ਜ਼ੋਨ ਸੀ, ਨਗਰ ਨਿਗਮ ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਨੰਬਰ 359/2023 ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਸੰਚਾਲਨ ਅਤੇ ਰੱਖ-ਰਖਾਅ ਸ਼ਾਖਾ ਵਿੱਚ ਤਾਇਨਾਤ ਐਕਸੀਅਨ ਰਣਬੀਰ ਸਿੰਘ ਨੇ ਵੱਖ-ਵੱਖ ਟਿਊਬਵੈੱਲਾਂ ਸਬੰਧੀ ਕਾਰਜਾਂ ਲਈ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਅਦਾਇਗੀਆਂ ਕਰਨ ਲਈ ਐਮ.ਸੀ. ਖਾਤਿਆਂ ਵਿੱਚੋਂ ਮਈ 2021 ਤੋਂ ਸਤੰਬਰ 2022 ਤੱਕ 3,16,58,421 ਰੁਪਏ ਪੇਸ਼ਗੀ ਰਕਮ ਵਜੋਂ ਪ੍ਰਾਪਤ ਕੀਤੇ ਸਨ ਪਰ ਅਧਿਕਾਰੀਆਂ ਵੱਲੋਂ ਆਪਸੀ ਮਿਲੀਭੁਗਤ ਨਾਲ ਇਨ੍ਹਾਂ ਫੰਡਾਂ ਦਾ ਗਬਨ ਕੀਤਾ ਗਿਆ।