ਸੁਨਾਮ : ਪੰਜਾਬ ਅੰਦਰ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਨਾਰਾਜ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਵੱਡੇ ਸੰਘਰਸ਼ ਦਾ ਐਲਾਨ ਕੀਤਾ ਹੈ। ਜਥੇਬੰਦੀ ਵੀਰਵਾਰ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰਵਾਕੇ ਸੰਘਰਸ਼ ਸ਼ੁਰੂ ਕਰੇਗੀ। ਸ਼ੁੱਕਰਵਾਰ ਤੋਂ ‘ਆਪ’ ਵਿਧਾਇਕਾਂ, ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਾਉਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀਕਲਾਂ ਅਤੇ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਸੁਚਾਰੂ ਪ੍ਰਬੰਧ ਨਾ ਕੀਤੇ ਜਾਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੀਆਂ ਹਨ। ਬੇਹੱਦ ਔਕੜਾਂ ਦਾ ਸਾਹਮਣਾ ਕਰਕੇ ਕਿਸਾਨ ਖੇਤੀ ਧੰਦੇ ਨੂੰ ਕਰ ਰਿਹਾ ਹੈ ਬਾਵਜੂਦ ਇਸਦੇ ਕਿਸਾਨਾਂ ਦੀਆਂ ਫ਼ਸਲਾਂ ਮੰਡੀਆਂ ਵਿੱਚ ਰੁਲ ਰਹੀਆਂ ਹਨ।
ਝੋਨੇ ਦੀ ਖ਼ਰੀਦ ਨਾ ਹੋਣ ਤੋਂ ਖ਼ਫ਼ਾ ਭਾਕਿਯੂ ਉਗਰਾਹਾਂ ਦਾ ਵੱਡਾ ਫੈਸਲਾ, ਵੀਰਵਾਰ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਹੋਣਗੇ ਮੁਕਤ
