ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਰਟੋਹਾ ਵੱਲੋਂ ਸਿੰਘ ਸਾਹਿਬਾਨ ਖਿਲਾਫ਼ ਦਿੱਤੇ ਬਿਆਨ ਲਈ ਮਾਫੀ ਮੰਗੀ ਹੈ। ਮੌਜੂਦਾ ਸੰਕਟ ਬਾਰੇ ਨਰਮ ਰੁਖ ਅਖਤਿਆਰ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਹੈ ਕਿ ਸਿੰਘ ਸਾਹਿਬਾਨ ਦੇ ਮਾਣ-ਸਨਮਾਨ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ। ਜੇਕਰ ਅਜਿਹਾ ਹੋਇਆ ਹੈ ਤਾਂ ਉਹ ਪਾਰਟੀ ਦੀ ਤਰਫੋਂ ਇਸ ਲਈ ਮਾਫੀ ਮੰਗਦੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਵੀ ਸਿੰਘ ਸਾਹਿਬਾਨ ਪ੍ਰਤੀ ਸਤਿਕਾਰ ਪ੍ਰਗਟਾਉਣ ਨਾਲ ਵਲਟੋਹਾ ਅਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਚੱਲ ਰਿਹਾ ਵਿਵਾਦ ਜਲਦੀ ਹੀ ਖਤਮ ਹੋਣ ਦੀ ਸੰਭਾਵਨਾ ਹੈ।

ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਨੇ ਮੁਲਾਕਾਤ ਕਰਕੇ ਇਹ ਯਕੀਨ ਦਵਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਸਾਹਿਬਾਨ ਦੇ ਨਾਲ ਹੈ ਅਤੇ ਹਮੇਸ਼ਾ ਹੀ ਨਾਲ ਖੜੀ ਰਹੇਗੀ।ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਹਮੇਸ਼ਾ ਹੀ ਅਕਾਲੀ ਦਲ ਨੇ ਮੰਨਿਆ ਹੈ ਅਤੇ ਅਗਾਹ ਵੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੇ ਡੱਟ ਕੇ ਪਹਿਰਾ ਦੇਵੇਗੀ ।ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦੇ ਮਾਮਲੇ ‘ਚ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਬਾਅਦ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਉਸ ਨੂੰ ਮੰਨਣ ਦਾ ਤੁਰੰਤ ਐਲਾਨ ਕਰ ਦਿੱਤਾ ਸੀ , ਉੱਥੇ ਹੀ ਵਲਟੋਹਾ ਵੱਲੋਂ ਭੇਜੇ ਅਸਤੀਫੇ ਨੂੰ ਵੀ ਪ੍ਰਵਾਨ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਲਗਾਤਾਰ ਵਿਰੋਧੀ ਪਾਰਟੀਆਂ ਘੜ ਰਹੀਆਂ ਹਨ। ਜਿਸ ਦਾ ਨਤੀਜਾ ਅੱਜ ਸਾਰਿਆਂ ਸਾਹਮਣੇ ਹੈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਸਤੀਫੇ ਤੇ ਚੀਮਾ ਨੇ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਹੀ ਕਰਨਾ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਸਤੀਫਾ ਨਾ ਪ੍ਰਵਾਨ ਕਰਨ ਦਾ ਆਦੇਸ਼ ਦਿੱਤਾ ਹੈ।

Leave a Reply

Your email address will not be published. Required fields are marked *