ਚੰਡੀਗੜ੍ਹ: ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ ਦਿੱਤਾ ਹੈ। ਜੇਲ੍ਹ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਨੇ ਜੇਲ੍ਹਾਂ ਨੂੰ ਪੂਰੀ ਤਰ੍ਹਾਂ ਅਪਰਾਧ-ਮੁਕਤ ਕਰਨ ਅਤੇ ਮੋਬਾਈਲ ਆਦਿ ਉਪਕਰਣਾਂ ਦੀ ਮੁਕੰਮਲ ਰੋਕਥਾਮ ਲਈ ਨਵੀਨਤਮ ਤਕਨਾਲੌਜੀ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜੇਲ੍ਹਾਂ ਵਿਚ ਐਡਵਾਂਸਡ ਸਰਵੀਲੈਂਸ ਉਪਕਰਣ ਲਗਾਉਣ ਲਈ ਕਾਰਵਾਈ ਤੁਰੰਤ ਅਮਲ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ।
ਭੁੱਲਰ ਨੇ ਕਿਹਾ ਕਿ ਜੇਲ੍ਹਾਂ ਦੇ ਆਧੁਨਿਕੀਕਰਨ ਅਤੇ ਉੱਥੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਵੀਆਂ ਜੇਲ੍ਹਾਂ ਦੀ ਉਸਾਰੀ ਦੇ ਨਾਲ-ਨਾਲ ਨਵੀਆਂ ਬੈਰਕਾਂ ਉਸਾਰੀਆਂ ਜਾਣਗੀਆਂ।
ਜੇਲ੍ਹ ਸੁਪਰੀਂਟੈਂਡੈਂਟਾਂ ਨੇ ਆਪੋ-ਆਪਣੀਆਂ ਜੇਲ੍ਹਾਂ ਨਾਲ ਸਬੰਧਤ ਚੁਣੌਤੀਆਂ, ਜਿਵੇਂ ਕਿ ਕੈਦੀਆਂ ਤੇ ਹਵਾਲਾਤੀਆਂ ਦੀ ਵੱਧ ਸੰਖਿਆਂ, ਸਟਾਫ਼ ਅਤੇ ਸਰੋਤਾਂ ਦੀ ਕਮੀ ਆਦਿ ਸਾਂਝੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਜੇਲ੍ਹ ਪ੍ਰਬੰਧਨ ਵਿਚ ਸੁਧਾਰ ਲਈ ਲੰਬੇ ਸਮੇਂ ਦੇ ਉਪਾਅ ਲਾਗੂ ਕਰਨ ਸਣੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ।