ਚੰਡੀਗੜ੍ਹ/ਪਠਾਨਕੋਟ – ਪੰਜਾਬ ਪੁਲਸ ਨੇ ਇਕ ਵਾਰ ਫਿਰ ਨਸ਼ੇ ਦੇ ਨੈੱਟਵਰਕ ਦਾ ਪਰਦਾਫ਼ਾਸ਼ ਕਰਦਿਆਂ ਸਫ਼ਲਤਾ ਹਾਸਲ ਕੀਤੀ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਰਾਂਹੀ ਸਾਂਝੀ ਕੀਤੀ ਹੈ। ਜਿਸ ‘ਚ ਉਨ੍ਹਾਂ ਨੇ ਲਿਖਿਆ ਹੈ ਕਿ ਸਰਹੱਦ ਪਾਰ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੇ ਗੁਰਦਾਸਪੁਰ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 1.350 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਪੁਲਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ‘ਚ ਸੀ। ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ‘ਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਸ ਵੱਲੋਂ ਮੁਲਜ਼ਮਾਂ ਦੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿਚ ਕੌਣ-ਕੌਣ ਸਨ।
ਜਾਣਕਾਰੀ ਮੁਤਾਬਕ ਮੁਲਜ਼ਮ ਦੀ ਪਛਾਣ ਦੀਪਕ ਕੁਮਾਰ ਵਾਸੀ ਘਰੋਟਾ ਵਜੋਂ ਦੱਸੀ ਗਈ ਹੈ। ਪੁਲਸ ਨੇ ਇਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਹਿਰਾਸਤ ‘ਚ ਲੈ ਕੇ ਕੀਤੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।