ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਾਡੀ ਸਰਕਾਰ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਅਧਿਆਪਕਾਂ, ਵਿਦਿਆਰਥੀਆਂ ਤੇ ਸਕੂਲਾਂ ਵਿੱਚ ਨਿਵੇਸ਼ ਕਰ ਰਹੀ ਹੈ।
ਫਿਨਲੈਂਡ ਵਿੱਚ ਸਿਖਲਾਈ ਲਈ ਜਾਣ ਵਾਲੇ ਅਧਿਆਪਕਾਂ ਦੇ ਪਹਿਲੇ ਬੈਚ ਨੂੰ ਰਵਾਨਾ ਕਰਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਕ ਅਹਿਮ ਮੀਲ ਪੱਥਰ ਹੈ ਕਿਉਂਕਿ ਅੱਜ ਅਸੀਂ ਇੱਥੇ ਆਪਣੇ 72 ਪ੍ਰਾਇਮਰੀ ਅਧਿਆਪਕਾਂ ਨੂੰ ਪੇਸ਼ੇਵਰ ਸਿੱਖਿਆ ਲਈ ਫਿਨਲੈਂਡ ਦੇ ਸਫ਼ਰ ਵਾਸਤੇ ਰਵਾਨਾ ਕਰਨ ਆਏ ਹਾਂ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਨਵੇਂ ਮੁਲਕ ਦਾ ਸਫ਼ਰ ਹੀ ਨਹੀਂ ਹੈ, ਸਗੋਂ ਪੰਜਾਬ ਵਿੱਚ ਸਿੱਖਿਆ ਦੇ ਭਵਿੱਖੀ ਨਕਸ਼ ਘੜਨ ਦੀ ਦਿਸ਼ਾ ਵਿੱਚ ਨਵੀਆਂ ਅਧਿਆਪਨ ਤਕਨੀਕਾਂ, ਬਿਹਤਰੀਨ ਰਵਾਇਤਾਂ ਅਤੇ ਨਵੇਂ ਤਰੀਕਿਆਂ ਬਾਰੇ ਸਮਝਣ ਦਾ ਮੌਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਪੰਜਾਬ ਵਿੱਚ ਸੂਬਾ ਸਰਕਾਰ ਸਿੱਖਿਆ ਢਾਂਚੇ ਨੂੰ ਸੁਧਾਰਨ ਲਈ ਲਗਾਤਾਰ ਹੰਭਲੇ ਮਾਰ ਰਹੀ ਹੈ ਤਾਂ ਕਿ ਹਰੇਕ ਬੱਚੇ ਦੀ ਬਿਨਾਂ ਕਿਸੇ ਪੱਖਪਾਤ ਤੋਂ ਉੱਚ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣੇ।